ਸੰਜੀਵ ਹਾਂਡਾ
ਫ਼ਿਰੋਜ਼ਪੁਰ, 1 ਅਗਸਤ
ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਲੱਗੀ ਸ਼ਰਾਬ ਫ਼ੈਕਟਰੀ ਦੇ ਬਾਹਰ ਧਰਨਾਕਾਰੀ ਅਜੇ ਵੀ ਉੱਠਣ ਤੋਂ ਇਨਕਾਰ ਕਰ ਰਹੇ ਹਨ। ਦੋ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਧਰਨਾਕਾਰੀਆਂ ਨੂੰ ਸ਼ਰਾਬ ਫ਼ੈਕਟਰੀ ਦੇ ਤਿੰਨ ਸੌ ਮੀਟਰ ਦੇ ਘੇਰੇ ਤੋਂ ਬਾਹਰ ਸ਼ਾਂਤੀਪੂਰਵਕ ਧਰਨਾ ਲਾਉਣ ਦਾ ਹੁਕਮ ਸੁਣਾਇਆ ਸੀ, ਪਰ ਅਜੇ ਤੱਕ ਇਨ੍ਹਾਂ ਹੁਕਮਾਂ ਦੀ ਤਾਮੀਲ ਨਹੀਂ ਹੋਈ। ਫੈਕਟਰੀ ਦੇ ਹੱਕ ਵਿਚ ਕੁਝ ਲੋਕਾਂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਮੰਗ ਪੱਤਰ ਸੌਂਪ ਕੇ ਫ਼ੈਕਟਰੀ ਅੱਗੋਂ ਧਰਨਾ ਚੁਕਵਾਉਣ ਅਤੇ ਫ਼ੈਕਟਰੀ ਨੂੰ ਮੁੜ ਚਾਲੂ ਕਰਵਾਉਣ ਦੀ ਅਪੀਲ ਕੀਤੀ। ਏਡੀਸੀ ਨੇ ਭਰੋਸਾ ਦਿੱਤਾ ਕਿ ਹਾਈ ਕੋਰਟ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਪ੍ਰਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈ ਕੇ ਇਸ ਫ਼ੈਕਟਰੀ ਦੇ ਬਾਹਰ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਪਿਛਲੇ 9 ਦਿਨਾਂ ਤੋਂ ਧਰਨਾ ਲਾਇਆ ਹੋਇਆ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਫ਼ੈਕਟਰੀ ਪ੍ਰਬੰਧਕ ਫ਼ੈਕਟਰੀ ਦਾ ਗੰਦਾ ਪਾਣੀ ਧਰਤੀ ਹੇਠਾਂ ਪਾ ਰਹੇ ਹਨ ਜਿਸ ਕਰ ਕੇ ਆਸਪਾਸ ਦੇ ਪੂਰੇ ਇਲਾਕੇ ਦਾ ਪਾਣੀ ਪ੍ਰਦੂਸ਼ਿਤ ਹੋ ਗਿਆ ਹੈ ਤੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਦਾ ਡਰ ਸਤਾਉਣ ਲੱਗਾ ਹੈ। ਲੋਕ ਇਸ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਫ਼ੈਕਟਰੀ ਪ੍ਰਬੰਧਕ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸ ਰਹੇ ਹਨ। ਦੱਸ ਦੇਈਏ ਕਿ ਇਹ ਫ਼ੈਕਟਰੀ ਫ਼ਰੀਦਕੋਟ ਸ਼ਹਿਰੀ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਦੀਪ ਮਲਹੋਤਰਾ ਦੀ ਹੈ।