ਖੇਤਰੀ ਪ੍ਰਤੀਨਿਧ
ਬਰਨਾਲਾ, 3 ਨਵੰਬਰ
ਪੰਜਾਬੀ ਸਾਹਿਤ ਸਭਾ ਵੱਲੋਂ ਇੱਥੇ ਗੁਰੂ ਗੋਬਿੰਦ ਸਿੰਘ ਗਰੁੱਪ ਆਫ਼ ਕਾਲਜਿਜ਼ ਵਿੱਚ ਮਾਤ ਭਾਸ਼ਾ ਪੰਜਾਬੀ ਅਤੇ ਪੰਜਾਬੀ ਮਾਹ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਬਰਨਾਲਾ ਡਾ. ਜਸਵੀਰ ਸਿੰੰਘ ਔਲਖ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸੁਦਾਗਰ ਸਿੰਘ ਚਾਹਲ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਰਤਨ ਓਮ ਪ੍ਰਕਾਸ਼ ਗਾਸੋ ਨੇ ਕੀਤੀ। ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਭੁੱਲਣਾ ਨਹੀਂ ਚਾਹੀਦਾ। ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਅੱਜ ਅਸੀਂ 57ਵਾਂ ਮਾਤ ਭਾਸ਼ਾ ਪੰਜਾਬੀ ਦਾ ਵਰ੍ਹਾ ਮਨਾ ਰਹੇ ਹਾਂ। ਇਸੇ ਤਰ੍ਹਾਂ ਮੁੱਖ ਮਹਿਮਾਨ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਨੇ ਕਿਹਾ ਕਿ ਕਿਸੇ ਨੂੰ ਵੀ ਆਪਣੀ ਮਾਤਾ ਭਾਸ਼ਾ ਨੂੰ ਦਰਕਿਨਾਰ ਨਹੀਂ ਕਰਨਾ ਚਾਹੀਦਾ। ਸਾਹਿਤ ਰਤਨ ਓਮ ਪ੍ਰਕਾਸ਼ ਗਾਸੋ ਨੇ ਹਾਜ਼ਰੀਨ ਨੂੰ ਭਾਸ਼ਾ ਤੇ ਸਾਹਿਤ ਦੇ ਮਹੱਤਵ ਬਾਰੇ ਚਾਨਣਾ ਪਾਉਂਦਿਆਂ ਉੱਚ ਮਿਆਰੀ ਅਧਿਐਨ ਦੀ ਲੋੜ ’ਤੇ ਜ਼ੋਰ ਦਿੱਤਾ। ਉਪਰੰਤ ਕਵੀ ਦਰਬਾਰ ਵੀ ਕਰਵਾਇਆ ਗਿਆ।