ਜੈਤੋ ’ਚ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ
ਹਲਕਾ ਜੈਤੋ ਦੇ ਵਿਧਾਇਕ ਅਮੋੋਲਕ ਸਿੰਘ ਵੱਲੋਂ ਸੂਬਾ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤਰਫ਼ੋਂ ਜਾਰੀ ਕਰਵਾਏ ਕਰਜ਼ਾ ਮੁਆਫ਼ੀ ਸਰਟੀਫਿਕੇਟ ਲਾਭਪਾਤਰੀਆਂ ਨੂੰ ਦਿੱਤੇ ਗਏ। ਇਸ ਸਬੰਧੀ ਵਿਧਾਇਕ ਦੇ ਦਫ਼ਤਰ ਵਿੱਚ ਹੋਏ ਸੰਖੇਪ ਸਮਾਗਮ ਦੌਰਾਨ ਅਮੋਲਕ ਸਿੰਘ ਵੱਲੋਂ 51 ਲਾਭਪਾਤਰੀਆਂ ਨੂੰ 50 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ।
ਵਿਧਾਇਕ ਨੇ ਕਰਜ਼ਾ ਮੁਆਫ਼ੀ ਦੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਮਿਤੀ 31 ਮਾਰਚ 2020 ਤੋਂ ਪਹਿਲਾਂ ਐਸਸੀ ਭਾਈਚਾਰੇ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਲਏ ਗਏ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ’ਚ ਇਸ ਸਕੀਮ ਤਹਿਤ 4727 ਕਰਜ਼ਦਾਰਾਂ ਦਾ ਕੁੱਲ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਹੋਇਆ ਹੈ।
ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ, ਸੀਨੀਅਰ ‘ਆਪ’ ਆਗੂ ਐਡਵੋਕੇਟ ਹਰਸਿਮਰਨ ਮਲਹੋਤਰਾ, ਚੇਅਰਮੈਨ ਗੁਰਬਿੰਦਰ ਸਿੰਘ ਵਾਲੀਆ, ਸੁਖਰੀਤ ਰੋਮਾਣਾ, ਸੱਤਪਾਲ ਡੋਡ, ਕੁਲਦੀਪ ਸਿੰਘ ਦਲ ਸਿੰਘ ਵਾਲਾ, ਗੁਰਭੇਜ ਸਿੰਘ ਬਰਾੜ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਕੌਂਸਲਰ ਨਰਿੰਦਰਪਾਲ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਭਦੌੜ ਦੇ 12 ਪਰਿਵਾਰਾਂ ਦਾ ਕਰਜ਼ਾ ਮੁਆਫ਼
ਤਪਾ (ਰੋਹਿਤ ਗੋਇਲ): ਪੰਜਾਬ ਸਰਕਾਰ ਵੱਲੋਂ ਕਰਜ਼ਾ ਲੈਣ ਵਾਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਦੇ 4727 ਵਿਅਕਤੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।
ਇਹ ਗੱਲਾਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਇਥੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਕਰਜ਼ਾ ਮੁਆਫ਼ੀ ਸਕੀਮ ਅਧੀਨ ਸਕੀਮ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਭਦੌੜ ਵਿੱਚ ਕੁੱਲ 12 ਕਰਜ਼ਦਾਰ ਪਰਿਵਾਰਾਂ ਦਾ 15.98 ਲੱਖ ਦਾ ਕਰਜ਼ਾ ਮੁਆਫ਼ ਹੋਇਆ ਹੈ।