ਜੋਗਿੰਦਰ ਸਿੰਘ ਮਾਨ
ਮਾਨਸਾ, 14 ਅਗਸਤ
ਮਾਲਵਾ ਖੇਤਰ ਵਿੱਚ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਦਵਾਈਆਂ ਦੀ ਵੱਡੀ ਘਾਟ ਪੈਦਾ ਹੋ ਚੁੱਕੀ ਹੈ, ਹਾਲਾਂਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਦਵਾਈਆਂ ਭੇਜਣ ਦੇ ਦਮਗਜ਼ੇ ਮਾਰੇ ਜਾ ਰਹੇ ਹਨ। ਚਿੱਟੀ ਮੱਖੀ-ਗੁਲਾਬੀ ਸੁੰਡੀ ਦੇ ਝੰਬੇ ਕਿਸਾਨਾਂ ਦੇ ਖੀਸੇ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਇਸ ਵੇਲੇ ਖਾਲੀ ਹਨ। ਸਰਕਾਰੀ ਪਸ਼ੂ ਪਾਲਣ ਹਸਪਤਾਲਾਂ ਵਿੱਚ ਦਵਾਈਆਂ ਨਹੀਂ ਆ ਰਹੀਆਂ ਹਨ ਤੇ ਲੋਕਾਂ ਨੂੰ ਮਜ਼ਬੂਰੀ ਮਹਿੰਗੇ ਭਾਅ ਦੀਆਂ ਦਵਾਈਆਂ ਦੁਕਾਨਾਂ ਤੋਂ ਲੈਣੀਆਂ ਪੈ ਰਹੀਆਂ ਹਨ। ਮਹਿਕਮੇ ਵੱਲੋਂ ਅਜੇ ਤੱਕ ਮਹਿੰਗੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਪਸ਼ੂ ਪਾਲਣ ਵਿਭਾਗ ਦੇ ਮਾਨਸਾ ਸਥਿਤ ਡਿਪਟੀ ਡਾਇਰੈਕਟਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 3854 ਪਸ਼ੂਆਂ ਦੇ ਬਿਮਾਰ ਹੋਣ ਤੋਂ ਬਾਅਦ 3691 ਪਸ਼ੂਆਂ ਦਾ ਇਲਾਜ਼ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਲੰਪੀ ਸਕਿੰਨ ਡਸੀਜ਼ ਦੇ ਬਚਾਅ ਲਈ ਵੈਕਸੀਨ ਦੀਆਂ 10350 ਖੁਰਾਕਾਂ ਮਿਲੀਆਂ ਹਨ ਜਿਨ੍ਹਾਂ ਵਿੱਚੋਂ 6728 ਖੁਰਾਕਾਂ ਤੰਦਰੁਸਤ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਦੇ ਬਚਾਅ ਲਈ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ ਲਈ ਪਹਿਲਾਂ 2.5 ਲੱਖ ਰੁਪਏ ਦੀਆਂ ਦਵਾਈਆਂ ਦੀ ਖਰੀਦ ਕਰਕੇ ਸਮੂਹ ਸੰਸਥਾਵਾਂ ’ਚ ਵੰਡੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਵੈਟਰਨਿਟੀ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਪਸ਼ੂਆਂ ਅੰਦਰ ਫੈਲੀ ਲੰਪੀ ਸਕਿੰਨ ਬਿਮਾਰੀ ਦੇ ਬਚਾਅ ਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ਼ ਤੇ ਵੈਕਸੀਨੇਸ਼ਨ ਲਈ ਸਮੂਹ ਸੰਸਥਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਿਮਾਰੀ ਨਾਲ ਮਰਨ ਵਾਲੇ ਪਸ਼ੂਆਂ ਨੂੰ ਪੇਂਡੂ ਵਿਕਾਸ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਦੇ ਨੁਮਾਇੰਦਿਆਂ ਦੀ ਹਾਜ਼ਰੀ ’ਚ ਡੂੰਘਾ ਟੋਇਆ ਪੁੱਟ ਕੇ ਦਬਾਇਆ ਜਾਵੇ।
ਇਸੇ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਬਾਜ਼ਾਰ ’ਚ ਮਹਿੰਗੀਆਂ ਦਵਾਈਆਂ ਸਬੰਧੀ ਵਿਭਾਗ ਨੂੰ ਸਖ਼ਤ ਨਿਗਰਾਨੀ ਰੱਖਣ ਲਈ ਆਦੇਸ਼ ਜਾਰੀ ਕੀਤੇ ਗਏ ਹਨ, ਪਰ ਮਹਿੰਗੀਆਂ ਦਵਾਈਆਂ ਸਬੰਧੀ ਅਜੇ ਤੱਕ ਕੋਈ ਸ਼ਿਕਾਇਤ ਪ੍ਰਸ਼ਾਸਨ ਕੋਲ ਨਹੀਂ ਆਈ ਹੈ।