ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 6 ਸਤੰਬਰ
ਲੰਪੀ ਸਕਿਨ ਦੀ ਬਿਮਾਰੀ ਨਾਲ ਨੁਕਸਾਨੇ ਗਏ ਪਸ਼ੂਆਂ ਦਾ ਮੁਆਵਜ਼ਾ ਲੈਣ ਲਈ ਕਿਰਤੀ ਕਿਸਾਨ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਰਾਹੀਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਚਮਕੌਰ ਸਿੰਘ ਰੋਡੇ, ਬਲਾਕ ਪ੍ਰਧਾਨ ਨਾਜਰ ਸਿੰਘ ਖਾਈ, ਬੇਅੰਤ ਸਿੰਘ ਮੱਲੇਆਣਾ, ਸਰਬਜੀਤ ਸਿੰਘ ਮਾਛੀਕੇ ਅਤੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਰਾਜਦੀਪ ਸਿੰਘ ਗੰਜੀ ਗੁਲਾਬ ਸਿੰਘ ਵਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਭਰਭੂਰ ਸਿੰਘ ਰਾਮਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬੂਟਾ ਸਿੰਘ ਤਖਾਣਵੱਧ, ਬੀਰਚੰਦ ਤਲਵੰਡੀ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਧਾਰੂ ਪਸ਼ੂਆਂ ’ਚ ਫੈਲੇ ਲੰਪੀ ਸਕਿਨ ਵਾਇਰਸ ਕਾਰਨ ਹਰ ਰੋਜ਼ ਵੱਡੀ ਗਿਣਤੀ ਵਿੱਚ ਪਸ਼ੂ ਮਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਲੰਪੀ ਸਕਿਨ ਰੋਗ ਨਾਲ ਮਰੇ ਪਸ਼ੂਆਂ ਦਾ ਇਕ ਲੱਖ ਰੁਪਏ ਪ੍ਰਤੀ ਪਸ਼ੂ ਅਤੇ ਬਿਮਾਰ ਹੋਏ ਪਸ਼ੂ ਦਾ ਪੰਜਾਹ ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ।