ਬ੍ਰਿਜਿੰਦਰਾ ਕਾਲਜ ’ਚ ਐੱਮਏ ਅੰਗਰੇਜ਼ੀ ਰੈਗੂਲਰ ਤੌਰ ’ਤੇ ਸ਼ੁਰੂ
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 27 ਜੂਨ
ਉਚੇਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਅੰਗਰੇਜ਼ੀ ਵਿਭਾਗ ਦੀ ਐੱਮ.ਏ. (ਪੋਸਟ ਗ੍ਰੈਜੂਏਸ਼ਨ) ਦੀ ਡਿਗਰੀ ਨੂੰ ਰੈਗੂਲਰ ਤੌਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕਾਲਜ ਵਿਖੇ ਐੱਮਏ ਅੰਗਰੇਜ਼ੀ ਦੀਆਂ ਕਲਾਸਾਂ ਐੱਚਈਆਈਐੱਸ ਦੇ ਅਧੀਨ ਲਗਾਈਆਂ ਜਾਂਦੀਆਂ ਸਨ। ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਉਚੇਰੀ ਸਿੱਖਿਆ ਸਕੱਤਰ ਅਤੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਾਲਜ ਵਿਖੇ ਐੱਮ.ਏ. ਅੰਗਰੇਜ਼ੀ ਦੀ ਪੜ੍ਹਾਈ ਨੂੰ ਰੈਗੂਲਰ ਤੌਰ ’ਤੇ ਸ਼ੁਰੂ ਕਰਨ ਲਈ ਇੱਕ ਪੱਤਰ ਜਾਰੀ ਕਰਕੇ 40 ਸੀਟਾਂ ਨੂੰ ਮੰਨਜੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਫ਼ਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਬਹੁਤ ਫ਼ਾਇਦਾ ਮਿਲੇਗਾ। ਇਸ ਮੌਕੇ ਪ੍ਰਿੰਸੀਪਲ ਨੇ ਕਾਲਜ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਪੂਜਾ ਭੱਲਾ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸ਼ਾਲਿਨੀ ਗੋਇਲ, ਰੂਸਾ ਦੇ ਇੰਚਾਰਜ ਡਾ. ਦੀਪਾ ਗੋਇਲ ਵੀ ਹਾਜ਼ਰ ਸਨ।