ਨਵਕਿਰਨ ਸਿੰਘ
ਮਹਿਲ ਕਲਾਂ, 26 ਮਈ
ਇੱਥੇ ਅੱਜ ਪਿੰਡ ਵਜੀਦਕੇ ਕਲਾਂ ਵਿੱਚ ਮਗਨਰੇਗਾ ਮਜ਼ਦੂਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਜ਼ਦੂਰਾਂ ਨੇ ਸਰਕਾਰਾਂ ’ਤੇ ਮਗਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਤੋਂ ਭੱਜਣ ਦੇ ਦੋਸ਼ ਲਗਾਏ ਤੇ ਆਨਲਾਈਨ ਹਾਜ਼ਰੀ ਲਾਉਣ ਦੇ ਢੰਗ ਨੂੰ ਮਜ਼ਦੂਰਾਂ ’ਤੇ ਬੇਲੋੜਾ ਬੋਝ ਕਰਾਰ ਦਿੱਤਾ। ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਵੇਖਦਿਆਂ ਸਰਕਾਰ ਮਜ਼ਦੂਰਾਂ ਨੂੰ ਮਗਨਰੇਗਾ ਤਹਿਤ ਪੂਰਾ ਸਾਲ 700 ਰੁਪਏ ਪ੍ਰਤੀ ਦਿਹਾੜੀ ਦੇ ਹਿਸਾਬ ਨਾਲ ਰੁਜ਼ਗਾਰ ਮੁਹੱਈਆ ਕਰਵਾਏ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਮੋਰਚੇ ਵੱਲੋਂ 27 ਮਈ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ ਤੇ ਉਸੇ ਦੀ ਤਿਆਰੀ ਲਈ ਜ਼ਿਲ੍ਹੇ ਭਰ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ,ਮੀਤ ਪ੍ਰਧਾਨ ਸਾਧੂ ਸਿੰਘ ਛੀਨੀਵਾਲ,ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ ਬਰਨਾਲਾ, ਗੁਰਪ੍ਰੀਤ ਸਿੰਘ ਰੂੜੇਕੇ ਤੇ ਹੈਪੀ ਸਿੰਘ ਛੀਨੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ ਕਿਸੇ ਨੂੰ ਵੀ ਕੋਈ ਧਰਨਾ, ਮੁਜ਼ਾਹਰਾ ਨਹੀਂ ਲਾਉਣ ਪਵੇਗਾ ਪਰ ਅੱਜ ਉਨ੍ਹਾ ਦੀ ਸਰਕਾਰ ਵਿੱਚ ਹੀ ਅਫ਼ਸਰਸ਼ਾਹੀ ਵੱਲੋਂ ਮਜ਼ਦੂਰਾਂ ਨੂੰ ਕੰਮ ਦੇਣ ਤੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ ਤੇ ਮਹਿੰਗਾਈ ਦੀ ਵੱਡੀ ਮਾਰ ਪੈਣ ਕਰਕੇ ਮਜ਼ਦੂਰ ਆਰਥਿਕ ਤੌਰ ’ਤੇ ਮਾੜੀਆਂ ਹਾਲਤਾਂ ਵਿੱਚ ਗੁਜ਼ਾਰਾ ਕਰ ਰਹੇ ਹਨ। ਇਸੇ ਤਰ੍ਹਾਂ ਪਿੰਡ ਠੁੱਲੇਵਾਲ ਵਿਖੇ ਪਰਮਜੀਤ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਕੇ ਭਲਕੇ ਬਰਨਾਲਾ ਧਰਨੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ।