ਨਵਕਿਰਨ ਸਿੰਘ
ਮਹਿਲ ਕਲਾਂ, 18 ਅਕਤੂਬਰ
ਮਗਨਰੇਗਾ ਤਹਿਤ ਕੰਮ ਦੀ ਮੰਗ ਲਈ ਮਗਨਰੇਗਾ ਮਜ਼ਦੂਰਾਂ ਵੱਲੋਂ ਦਿਹਾਤੀ ਮਜ਼ਦੂਰ ਸਭਾ ਅਤੇ ਸੀਟੀਯੂ ਦੀ ਅਗਵਾਈ ਹੇਠ ਮਹਿਲ ਕਲਾਂ ਵਿਚ ਰੋਸ ਮਾਰਚ ਕਰਨ ਉਪਰੰਤ ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਸੀਟੀਯੂ ਦੀ ਸੂਬਾ ਜੁਆਇੰਟ ਸਕੱਤਰ ਪਰਮਜੀਤ ਕੌਰ ਗੁੰਮਟੀ, ਸੀਨੀਅਰ ਮਜ਼ਦੂਰ ਆਗੂ ਮਹਿੰਦਰ ਸਿੰਘ ਕੁਰੜ, ਚਰਨਜੀਤ ਕੌਰ ਛੀਨੀਵਾਲ ਅਤੇ ਜਸਪਾਲ ਕੌਰ ਕੁਰੜ ਨੇ ਕਿਹਾ ਕਿ ਸਰਕਾਰਾਂ ਵੱਲੋਂ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਮਗਨਰੇਗਾ ਵਰਗੀਆਂ ਸਕੀਮਾਂ ਨੂੰ ਲਾਗੂ ਕਰਨ ’ਚ ਟਾਲ-ਮਟੋਲ ਵਰਤੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਦਾ ਧਿਆਨ ਪਿੰਡ ਛੀਨੀਵਾਲ ਖੁਰਦ ਅਤੇ ਕੁਰੜ ਦੇ ਬੰਦ ਪਏ ਕੰਮ ’ਤੇ ਦਿਵਾਉਂਦਿਆਂ ਦੱਸਿਆ ਕਿ ਇਨ੍ਹਾਂ ਪਿੰਡਾਂ ਦੇ ਮਜ਼ਦੂਰਾਂ ਵੱਲੋਂ ਕੰਮ ਦੀ ਮੰਗ ਕਰਨ ਦੇ ਬਾਵਜੂਦ ਕੰਮ ਨਹੀਂ ਦਿੱਤਾ ਗਿਆ।
ਇਸ ਮੌਕੇ ਮਜ਼ਦੂਰ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਮਗਨਰੇਗਾ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ ਦਿੱਤਾ ਜਾਵੇ ਤੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੰਜ-ਪੰਜ ਮਰਲੇ ਦੇ ਪਲਾਟ ਲੋੜਬੰਦ ਮਜਦੂਰਾਂ ਨੂੰ ਪਹਿਲ ਦੇ ਆਧਾਰ ’ਤੇ ਦਿੱਤੇ ਜਾਣ। ਮਜ਼ਦੂਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਜਲਦ ਕੰਮ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ‘ਚ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਚੱਕਾ ਜਾਮ ਕੀਤਾ ਜਾਵੇਗਾ।
ਇਸ ਮੌਕੇ ਬੀਡੀਪੀਓ ਮਹਿਲ ਕਲਾਂ ਭੂਸ਼ਣ ਕੁਮਾਰ ਵੱਲੋਂ ਧਰਨੇ ’ਚ ਪੁੱਜ ਕੇ ਮੰਗ ਪੱਤਰ ਹਾਸਲ ਕੀਤਾ ਗਿਆ ਤੇ ਵਿਸ਼ਵਾਸ਼ ਦਿਵਾਇਆ ਕਿ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਧਰਨਾ
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਅਗਵਾਈ ਹੇਠ ਮਜ਼ਦੂਰਾਂ ਨੂੰ ਪਲਾਟ ਦਿਵਾਉਣ, ਮੀਹਾਂ ਕਾਰਨ ਡਿੱਗੇ ਮਕਾਨਾਂ ਅਤੇ ਛੱਤ ਬਦਲਣ ਲਈ ਗ੍ਰਾਂਟਾਂ ਜਾਰੀ ਕਰਵਾਉਣ ਤੇ ਬਿਜਲੀ ਦੇ ਪੁੱਟੇ ਮੀਟਰ ਮੁੜ ਲਗਵਾਉਣ ਲਈ ਅੱਜ ਬੀਡੀਪੀਓ ਦਫ਼ਤਰ ਭਗਤਾ ਭਾਈ ਅੱਗੇ ਧਰਨਾ ਲਾਇਆ ਗਿਆ। ਧਰਨੇ ਵਿੱਚ ਖੇਤ ਮਜ਼ਦੂਰਾਂ ਤੋਂ ਇਲਾਵਾ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜ਼ਿਲ੍ਹਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾਗੁਰੂ, ਮਨਦੀਪ ਸਿੰਘ ਸਬਿੀਆ ਤੇ ਬਲਵਿੰਦਰ ਮਾਲੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੰਘਰਸ਼ ਦੀ ਬਦੌਲਤ ਸਰਕਾਰ ਨੇ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ, ਪਹਿਲਾਂ ਕੱਟੇ ਪਲਾਟਾਂ ਦੇ ਇੱਕ ਮਹੀਨੇ ਵਿੱਚ ਕਬਜ਼ੇ ਦੇਣ ਤੇ ਪੁੱਟੇ ਮੀਟਰ ਮੁੜ ਲਾਉਣ ਦਾ ਲਿਖਤੀ ਫ਼ੈਸਲਾ ਹੋਇਆ ਸੀ। ਪਰ ਸਰਕਾਰ ਵੱਲੋਂ ਇਸ ਨੂੰ ਲਾਗੂ ਕਰਨ ਦੀ ਬਜਾਇ ਬੇਲੋੜੀਆਂ ਸ਼ਰਤਾਂ ਲਗਾ ਕੇ ਮਜ਼ਦੂਰਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਆਗੂਆਂ ਨੇ 29 ਅਕਤੂਬਰ ਨੂੰ ਮਜ਼ਦੂਰ ਮੋਰਚੇ ਵੱਲੋਂ ਮੋਰਿੰਡਾ ਦੇ ਮੁਜ਼ਾਹਰੇ ’ਚ ਪਰਿਵਾਰਾਂ ਸਣੇ ਪਹੁੰਚਣ ਦੀ ਅਪੀਲ ਕੀਤੀ।