ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਾਬਾਲਗ ਦੀ ਕੁੱਟਮਾਰ ਮਾਮਲੇ ’ਚ ਮੁੱਖ ਮੁਲਜ਼ਮ ਗ੍ਰਿਫ਼ਤਾਰ

ਪੁਲੀਸ ਤੋਂ ਬਚਣ ਲਈ ਛੱਤ ਤੋਂ ਛਾਲ ਮਾਰਨ ਕਾਰਨ ਮੁਲਜ਼ਮ ਦਾ ਗਿੱਟਾ ਟੁੱਟਿਆ
Advertisement

ਸੰਜੀਵ ਹਾਂਡਾ

ਫ਼ਿਰੋਜ਼ਪੁਰ, 27 ਜੂਨ

Advertisement

ਨਸ਼ਾ ਤਸਕਰਾਂ ਦੀ ਸੂਚਨਾ ਪੁਲੀਸ ਨੂੰ ਦੇਣ ਵਾਲੇ ਨਾਬਾਲਗ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਵਾਲੇ ਸਾਰੇ ਮੁਲਜ਼ਮਾਂ ਦੀ ਪਛਾਣ ਕਰਨ ਤੋਂ ਬਾਅਦ ਪੁਲੀਸ ਨੇ ਪੰਜ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਨਵਾਂ ਪੂਰਬਾ ਦੇ ਇੱਕ ਨੌਜਵਾਨ 'ਤੇ ਹੋਏ ਹਮਲੇ ਦੀ ਇੱਕ ਵੀਡੀਓ 24 ਜੂਨ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਵਿੱਚ ਨਾਬਾਲਗ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਸੀ। ਇਹ ਹਮਲਾ ਕਥਿਤ ਕੁਝ ਵਿਅਕਤੀਆਂ ਦੁਆਰਾ ਕੀਤਾ ਗਿਆ ਸੀ, ਜਿਨ੍ਹਾਂ ਦਾ ਮੰਨਣਾ ਸੀ ਕਿ ਨੌਜਵਾਨ ਨੇ ਪੁਲੀਸ ਨੂੰ ਉਨ੍ਹਾਂ ਦੀ ਨਸ਼ਾ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਸੂਚਨਾ ਦਿੱਤੀ ਸੀ।

ਇਸ ਘਟਨਾ ਦੇ ਮੱਦੇਨਜ਼ਰ, ਥਾਣਾ ਕੁਲਗੜ੍ਹੀ ਵਿੱਚ 25 ਜੂਨ ਨੂੰ ਐਫ.ਆਈ.ਆਰ. ਨੰਬਰ 87 ਦਰਜ ਕੀਤੀ ਗਈ ਹੈ। ਇਹ ਮਾਮਲਾ ਬੀਐੱਨਐੱਸ ਦੀਆਂ ਧਾਰਾਵਾਂ 126(2), 115(2), 191(3), 190 ਅਤੇ ਆਈ.ਟੀ. ਐਕਟ, 2000 ਦੀ ਧਾਰਾ 67 ਤਹਿਤ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਸਿਮਰਜੀਤ ਸਿੰਘ ਉਰਫ਼ ਹਨੀ, ਮਨੀ, ਵਿਸ਼ਾਲ, ਟੋਨੀ ਅਤੇ ਕਰਨ ਸ਼ਾਮਲ ਹਨ।

ਡੀਆਈਜੀ ਨੇ ਦੱਸਿਆ ਕਿ ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁੱਖ ਮੁਲਜ਼ਮ ਸਿਮਰਜੀਤ ਸਿੰਘ ਉਰਫ਼ ਹਨੀ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਪੁਲੀਸ ਦੇ ਛਾਪਾ ਦੌਰਾਨ ਹਨੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੇ ਆਪਣੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦਾ ਗਿੱਟਾ ਟੁੱਟ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਨੀ ਖ਼ਿਲਾਫ਼ ਫ਼ਿਰੋਜ਼ਪੁਰ ਸਮੇਤ ਪੰਜਾਬ ਦੇ ਹੋਰ ਵੱਖ-ਵੱਖ ਥਾਣਿਆਂ ਵਿੱਚ ਸੱਤ ਸੰਗੀਨ ਅਪਰਾਧਿਕ ਮਾਮਲੇ ਦਰਜ ਹਨ। ਡੀਆਈਜੀ ਨੇ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Advertisement