ਹਰਮੇਸ਼ਪਾਲ ਨੀਲੇਵਾਲਜ਼ੀਰਾ, 2 ਮਈਇੱਥੋਂ ਦੇ ਸੁਖਮਨੀ ਹਸਪਤਾਲ ਦੇ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਪਿੰਡ ਲਹਿਰਾ ਰੋਹੀ ਦੇ ਵਿਅਕਤੀ ਦੀ ਮੌਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਹਸਪਤਾਲ ਅੱਗੇ ਲਾਸ਼ ਰੱਖ ਕੇ ਰੋਸ ਧਰਨਾ ਲਗਾਇਆ ਗਿਆ।ਜਰਨੈਲ ਸਿੰਘਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਜਰਨੈਲ ਸਿੰਘ (45) ਪੁੱਤਰ ਚੂੜ ਸਿੰਘ ਵਾਸੀ ਪਿੰਡ ਲਹਿਰਾ ਰੋਹੀ ਜ਼ੀਰਾ ਮਿਹਨਤ ਮਜ਼ਦੂਰੀ ਕਰਦਾ ਸੀ। ਕੁਝ ਦਿਨ ਪਹਿਲਾਂ ਉਸ ਦੀ ਜਾੜ੍ਹ ਵਿੱਚ ਇਨਫੈਕਸ਼ਨ ਅਤੇ ਦਰਦ ਹੋਣ ਕਾਰਨ ਉਸ ਨੂੰ 22 ਮਈ ਨੂੰ ਜ਼ੀਰਾ-ਫਿਰੋਜ਼ਪੁਰ ਰੋਡ ’ਤੇ ਸੁਖਮਨੀ ਹਸਪਤਾਲ ਵਿਖੇ ਰਾਤ 12 ਵਜੇ ਦੇ ਕਰੀਬ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਉਹ ਖੁਦ ਮਰੀਜ਼ ਦਾ ਪਤਾ ਲੈਣ ਗਏ ਤਾਂ ਡਾਕਟਰਾਂ ਨੇ ਕਿਹਾ ਕਿ ਮਰੀਜ਼ ਬਿਲਕੁਲ ਠੀਕ- ਠਾਕ ਹੈ ਪਰ ਉਸੇ ਦਿਨ ਅਚਾਨਕ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਕਹਿ ਦਿੱਤਾ ਗਿਆ ਕਿ ਮਰੀਜ਼ ਦੀ ਹਾਲਤ ਨਾਜ਼ੁਕ ਹੈ, ਇਸ ਨੂੰ ਕਿਸੇ ਹੋਰ ਹਸਪਤਾਲ ਵਿੱਚ ਲੈ ਜਾਓ। ਪਰਿਵਾਰਕ ਮੈਂਬਰਾਂ ਨੇ ਜਰਨੈਲ ਸਿੰਘ ਨੂੰ 25 ਮਈ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖ਼ਲ ਕਰਵਾ ਦਿੱਤਾ, ਜਿੱਥੇ ਅੱਜ ਉਸ ਦੀ ਮੌਤ ਹੋ ਗਈ।ਬਲਦੇਵ ਸਿੰਘ ਜ਼ੀਰਾ ਨੇ ਦੱਸਿਆ ਕਿ ਫ਼ਰੀਦਕੋਟ ਦੇ ਡਾਕਟਰਾਂ ਦੀ ਰਿਪੋਰਟ ਅਨੁਸਾਰ ਮਰੀਜ਼ ਦੇ ਸਰੀਰ ਵਿੱਚ ਇਨਫੈਕਸ਼ਨ ਬਹੁਤ ਜ਼ਿਆਦਾ ਫੈਲ ਗਈ ਸੀ। ਇਨਫੈਕਸ਼ਨ ਕਾਰਨ ਹੀ ਸੁਖਮਨੀ ਹਸਪਤਾਲ ਜ਼ੀਰਾ ਵੱਲੋਂ ਜਰਨੈਲ ਸਿੰਘ ਦੀ ਜਾੜ੍ਹ ਦਾ ਅਪਰੇਸ਼ਨ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਐੱਮਡੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ। ਜਰਨੈਲ ਸਿੰਘ ਦੇ ਪਰਿਵਾਰ ਵਿੱਚ ਪਿੱਛੇ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ।ਐੱਮਡੀ ਨੇ ਦੋਸ਼ ਨਕਾਰੇਹਸਪਤਾਲ ਦੇ ਐੱਮਡੀ ਸੰਜੀਵ ਨਾਰੰਗ ਨੇ ਦੱਸਿਆ ਕਿ ਉਨ੍ਹਾਂ ਮਰੀਜ਼ ਦੀ ਸਥਿਤੀ ਬਾਰੇ ਸਮੇਂ-ਸਮੇਂ ’ਤੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਖੁਦ ਮਰੀਜ਼ ਨੂੰ ਰੈਫਰ ਕੀਤਾ ਸੀ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਮੌਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਇਲਾਜ ਦੌਰਾਨ ਹੋਈ ਹੈ, ਜਿਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ।ਪੁਲੀਸ ਅਧਿਕਾਰੀਆਂ ਵੱਲੋਂ ਕਾਰਵਾਈ ਦਾ ਭਰੋਸਾਮੌਕੇ ’ਤੇ ਪਹੁੰਚੇ ਡੀਐੱਸਪੀ ਜ਼ੀਰਾ ਗੁਰਦੀਪ ਸਿੰਘ, ਏਐੱਸਆਈ ਸਰਬਜੀਤ ਸਿੰਘ, ਏਐੱਸਆਈ ਸਤਪਾਲ ਸਿੰਘ, ਐੱਸਐੱਚਓ ਥਾਣਾ ਸਿਟੀ ਜ਼ੀਰਾ ਬਲਜਿੰਦਰ ਸਿੰਘ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਪੋਸਟਮਾਰਟਮ ਉਪਰੰਤ ਰਿਪੋਰਟ ਦੇ ਆਧਾਰ ’ਤੇ ਹਸਪਤਾਲ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਪ੍ਰਸ਼ਾਸਨ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਵਿੱਚ ਰਖਵਾ ਦਿੱਤਾ ਗਿਆ।