ਜੋਗਿੰਦਰ ਸਿੰਘ ਮਾਨ
ਮਾਨਸਾ, 24 ਜਨਵਰੀ
ਪੰਜਾਬ ਵਿੱਚ ਭਾਜਪਾ,ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦੀਆਂ ਸੀਟਾਂ ਦੀ ਵੰਡ ਬਾਰੇ ਭਾਵੇਂ ਅੱਜ ਦਿੱਲੀ ਵਿੱਚ ਫਾਰਮੂਲਾ ਤੈਅ ਹੋ ਗਿਆ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਮਾਨਸਾ ਵਿਧਾਨ ਸਭਾ ਹਲਕਾ ਕਿਸ ਦੇ ਪੱਖ ਵਿੱਚ ਗਿਆ ਹੈ, ਇਸ ਸਬੰਧੀ ਕੋਈ ਫੈਸਲਾ ਨਹੀਂ ਹੋ ਸਕਿਆ। ਇਸ ਮਾਮਲੇ ਨੂੰ ਲੈ ਕੇ ਮਾਨਸਾ ਵਿਧਾਨ ਸਭਾ ਹਲਕੇ ਦੇ ਲੋਕਾਂ ਵਿੱਚ ਅਤੇ ਟਿਕਟ ਦੇ ਚਾਹਵਾਨ ਕਸੂਤੀ ਸਥਿਤੀ ਵਿੱਚ ਫ਼ਸ ਗਏ ਹਨ। ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਇਸ ਗੱਠਜੋੜ ਵੱਲੋਂ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਜਗਜੀਤ ਸਿੰਘ ਮਿਲਖਾ ਨੂੰ ਟਿਕਟ ਜਾਰੀ ਕਰ ਦਿੱਤੀ ਗਈ ਹੈ, ਜਦੋਂ ਕਿ ਬੁਢਲਾਡਾ (ਰਿਜ਼ਰਵ) ਵਿਧਾਨ ਸਭਾ ਹਲਕੇ ਤੋਂ ਪੰਜਾਬ ਲੋਕ ਕਾਂਗਰਸ ਵੱਲੋਂ ਸੂਬੇਦਾਰ ਭੋਲਾ ਸਿੰਘ ਹਸਨਪੁਰ ਨੂੰ ਉਮੀਦਵਾਰ ਬਣਾਇਆ ਜਾ ਚੁੱਕਿਆ ਹੈ, ਪਰ ਪਿੱਛੇ ਰਹਿ ਗਏ ਮਾਨਸਾ ਹਲਕੇ ਲਈ ਕਿਸੇ ਨੂੰ ਵੀ ਅਜੇ ਤੱਕ ਉਮੀਦਵਾਰ ਨਹੀਂ ਬਣਾਇਆ ਗਿਆ ਹੈ। ਇਸ ਵੇਲੇ ਮਾਨਸਾ ਤੋਂ ਸ੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਨੇ ਆਪੋ-ਆਪਣੇ ਉਮੀਦਵਾਰ ਮੈਦਾਨ ਵਿੱਚ ਉਤਰੇ ਹੋਏ ਹਨ। ਇਸ ਹਲਕੇ ਤੋਂ ਭਾਜਪਾ ਵੀ ਆਪਣਾ ਹੱਕ ਜਿਤਾਉਣ ਲੱਗੀ ਹੈ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਪੰਜਾਬ ਲੋਕ ਕਾਂਗਰਸ ਆਪਣਾ ਦਾਅਵਾ ਪੇਸ਼ ਕਰ ਰਹੀ ਹੈ, ਸੁਖਦੇਵ ਸਿੰਘ ਢੀਂਡਸਾ ਦਾ ਸੰਯੁਕਤ ਅਕਾਲੀ ਦਲ ਆਪਣਾ ਉਮੀਦਵਾਰ ਉਤਾਰਨ ਲਈ ਉਤਾਵਲਾ ਹੋਇਆ ਪਿਆ ਹੈ। ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਮਾਨਸਾ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਮੁੱਖ ਦਾਅਵੇਦਾਰ ਹਨ ਅਤੇ ਇਸ ਦਾਅਵੇ ਨੂੰ ਲੈ ਕੇ ਹੀ ਅੱਜ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਆਪਣਾ ਪੱਖ ਮਜ਼ਬੂਤ ਕਰਕੇ ਦੱਸਿਆ ਗਿਆ ਹੈ। ਦੂਜੇ ਪਾਸੇ ਭਾਜਪਾ ਆਗੂ ਹਰਦੇਵ ਸਿੰਘ ਉਭਾ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਆਪਣੇ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਨ ਲਈ ਦਾਅਵਾ ਭਾਜਪਾ ਦੀ ਕੌਮੀ ਲੀਡਰਸ਼ਿਪ ਕੋਲ ਉਠਾਇਆ ਗਿਆ ਹੈ। ਪੰਜਾਬ ਲੋਕ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਜੀਵਨ ਦਾਸ ਬਾਵਾ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਮਾਨਸਾ ਤੋਂ ਉਮੀਦਵਾਰ ਉਤਾਰਨ ਲਈ ਵੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਇਹ ਗੱਠਜੋੜ ਦਾ ਆਪਸ ਵਿੱਚ ਪੂਰਾ ਏਕਾ ਹੈ। ਟਿਕਟ ਨੂੰ ਲੈ ਕੇ ਕਿਸੇ ਕਿਸਮ ਦਾ ਕੋਈ ਬਾਵਰੋਲਾ ਨਹੀਂ ਹੈ।