Mansa Murder Case: ਪਰਵਿੰਦਰ ਦੇ ਕਤਲ ਖ਼ਿਲਾਫ਼ ਪਿੰਡਾਂ ਵਿੱਚੋਂ ਬਗ਼ਾਵਤ ਦੀ ਆਵਾਜ਼ ਉੱਠੀ
ਮਾਨਸਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਮੈਡੀਕਲ ਸਟੋਰ ਮਾਲਕ ਵੱਲੋਂ ਕੀਤੇ ਕਤਲ ਖ਼ਿਲਾਫ਼ ਲੋਕਾਂ ਦਾ ਗੁੱਸਾ ਸੜਕਾਂ ’ਤੇ ਉਤਰ ਆਇਆ ਹੈ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਲਈ ਬਲਾਕ...
ਮਾਨਸਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਮੈਡੀਕਲ ਸਟੋਰ ਮਾਲਕ ਵੱਲੋਂ ਕੀਤੇ ਕਤਲ ਖ਼ਿਲਾਫ਼ ਲੋਕਾਂ ਦਾ ਗੁੱਸਾ ਸੜਕਾਂ ’ਤੇ ਉਤਰ ਆਇਆ ਹੈ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਲਈ ਬਲਾਕ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਸਰਕਾਰ ਖ਼ਿਲਾਫ਼ ਬਗ਼ਾਵਤ ਸ਼ੁਰੂ ਹੋ ਗਈ ਹੈ। ਨੇੜਲੇ ਪਿੰਡ ਮੰਡੀ ਕਲਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ)-ਸਿੱਧੂਪੁਰ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਇਕੱਠ ਕੀਤਾ। ਇਸ ਵਿੱਚ ਸਰਕਾਰ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ।
ਕਿਸਾਨ ਜਥੇਬੰਦੀ ਦੇ ਆਗੂ ਬਲਰਾਜ ਸਿੰਘ ਬਾਜਾ ਨੇ ਆਖਿਆ ਕਿ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਚੁੱਕੀ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿੱਕਲ ਚੁੱਕਾ ਹੈ। ਜੋ ਨੌਜਵਾਨ ਨਸ਼ਿਆਂ ਨੂੰ ਖ਼ਤਮ ਕਰਨ ਲਈ ਦਿਨ-ਰਾਤ ਇੱਕ ਕਰ ਰਹੇ ਸਨ, ਅੱਜ ਉਨ੍ਹਾਂ ਨੂੰ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਕਾਮੀ ਕਾਰਨ ਹੀ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ। ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਇੱਕਮੁੱਠ ਹੁੰਦਿਆਂ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਨਿਆਂ ਨਹੀਂ ਮਿਲਦਾ, ਉਦੋਂ ਤੱਕ ਬਲਾਕ ਦੇ ਸਾਰੇ ਪਿੰਡਾਂ ਵਿੱਚ ਕਿਸੇ ਵੀ ਸਰਕਾਰੀ ਨੁਮਾਇੰਦੇ ਜਾਂ ਸਿਆਸੀ ਆਗੂ ਨੂੰ ਵੜਨ ਨਹੀਂ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਪਿੰਡ-ਪਿੰਡ ਜਾ ਕੇ ਸਰਕਾਰ ਦੇ ਬਾਈਕਾਟ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ, ਨੌਜਵਾਨ ਅਤੇ ਔਰਤਾਂ ਮੌਜੂਦ ਸਨ।
ਬਰਨਾਲਾ (ਪਰਸ਼ੋਤਮ ਬੱਲੀ): ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਪੰਜਾਬ ਕਾਂਗਰਸ ਤੇ ਵਾਰਿਸ ਪੰਜਾਬ ਸਣੇ ਸਥਾਨਕ ਲੋਕਾਂ ਨੇ ਮਹਿਲ ਕਲਾਂ ਬੱਸ ਅੱਡੇ ਨੇੜੇ ਲੁਧਿਆਣਾ-ਬਰਨਾਲਾ ਮਾਰਗ ’ਤੇ ਘੰਟਾ ਟਰੈਫਿਕ ਜਾਮ ਕਰ ਕੇ ਧਰਨਾ ਦਿੱਤਾ।
ਧਰਨਾਕਾਰੀਆਂ ਵਿੱਚ ਸ਼ਾਮਲ ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ, ਕਮਲਜੀਤ ਸਿੰਘ ਚੱਕ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਜੀਤ ਸਿੰਘ ਮਹਿਲ ਕਲਾਂ, ਵਾਰਿਸ ਪੰਜਾਬ ਦੇ ਆਗੂ ਅਵਤਾਰ ਸਿੰਘ ਰਾਏਸਰ, ਸਤਨਾਮ ਸਿੰਘ ਮਹਿਲ ਕਲਾਂ, ਦੁਕਾਨਦਾਰ ਯੂਨੀਅਨ ਪ੍ਰਧਾਨ ਗਗਨਦੀਪ ਸਿੰਘ ਸਰਾਂ ਕੁਰੜ ਤੇ ਸਮਾਜ ਸੇਵੀ ਡਾ. ਪਰਮਿੰਦਰ ਸਿੰਘ ਹਮੀਦੀ (ਵੈਦ) ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਤੇ ਨਸ਼ਾ ਤਸਕਰਾਂ ਦੀ ਰਾਜਧਾਨੀ ਬਣ ਚੁੱਕਾ ਹੈ। ਨਸ਼ਿਆਂ ਵਿਰੁੱਧ ਉੱਠੀ ਹਰ ਆਵਾਜ਼ ਨੂੰ ਧਮਕਾਇਆ/ ਜਬਰੀ ਬੰਦ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਖ਼ੌਫ਼ ਤਸਕਰ ਨੇ ਪਰਵਿੰਦਰ ਸਿੰਘ ਝੋਟਾ ਦਾ ਸ਼ਰ੍ਹੇਆਮ ਅਨੇਕਾਂ ਲੋਕਾਂ ਦੀ ਮੌਜੂਦਗੀ ਵਿੱਚ ਗੋਲੀਆਂ ਨਾ ਭੁੰਨ ਕੇ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸ੍ਰੀ ਝੋਟਾ ਦਾ ਨਹੀਂ ਬਲਕਿ ਪੁਲੀਸ ਪ੍ਰਸ਼ਾਸਨ ਅਤੇ ਸਰਕਾਰੀ ਤੰਤਰ ਦਾ ਕਤਲ ਹੈ।
ਧਰਨਾਕਾਰੀਆਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਮੁਲਜ਼ਮਾਂ ਨੂੰ ਫ਼ੌਰੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਆਗੂਆਂ ਨਸ਼ਿਆਂ ਵਿਰੁੱਧ ਅਜ਼ਾਦਾਨਾ ਲੜ ਰਹੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ, ਨਾਮਧਾਰੀ ਭੁਪਿੰਦਰ ਸਿੰਘ ਛਾਪਾ, ਰਜਿੰਦਰਪਾਲ ਛਾਪਾ, ਤਾਰਾ ਸਿੰਘ ਚੱਕ, ਬਲਜਿੰਦਰ ਸਿੰਘ ਸਹਿਜੜਾ, ਗੁਰਪ੍ਰੀਤ ਸਿੰਘ ਅਤੇ ਮੇਜਰ ਸਿੰਘ ਮਹਿਲ ਖੁਰਦ ਸਣੇ ਵੱਖ-ਵੱਖ ਜਥੇਬੰਦੀਆਂ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

