ਬਲਜੀਤ ਸਿੰਘ
ਸਰਦੂਲਗੜ੍ਹ, 15 ਸਤੰਬਰ
ਕਿਸਾਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਅੱਜ ਘੱਗਰ ਪੁਲ ’ਤੇ ਧਰਨਾ ਦੇ ਕੇ ਮਾਨਸਾ-ਸਿਰਸਾ ਕੌਮੀ ਮਾਰਗ ’ਤੇ ਆਵਾਜਾਈ ਰੋਕ ਦਿੱਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲੀ ਨੇ ਕਿਹਾ ਕਿ ਕਿਸਾਨਾਂ ਨੇ ਮੰਗਾਂ ਸਬੰਧੀ ਪੱਤਰ ਹਲਕਾ ਵਿਧਾਇਕ ਨੂੰ ਦੇਣ ਦਾ ਪ੍ਰੋਗਰਾਮ ਉਲੀਕਿਆ ਸੀ। ਜਦੋਂ ਹਲਕਾ ਵਿਧਾਇਕ ਨਿਰਧਾਰਤ ਸਮੇੰ ’ਤੇ ਮੰਗ ਪੱਤਰ ਲੈਣ ਲਈ ਅਨਾਜ ਮੰਡੀ ’ਚ ਨਹੀਂ ਪਹੁੰਚੇ ਤਾਂ ਮਜਬੂਰ ਹੋ ਕੇ ਰੋਸ ਧਰਨਾ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਸਾਲ 2006-07 ’ਚ ਅਪਲਾਈ ਕੀਤੇ ਮੋਟਰ ਕੁਨੈਕਸ਼ਨ, ਜਿਨ੍ਹਾਂ ਦੀਆਂ ਸਕਿਉਰਿਟੀਆਂ ਆਦਿ ਭਰੀਆਂ ਹੋਈਆਂ ਹਨ, ਉਹ ਮੋਟਰ ਕੁਨੈਕਸ਼ਨ ਜਾਰੀ ਕੀਤੇ ਜਾਣ’, ਕਿਸਾਨਾਂ ਦਾ ਨਰਮੇ ਦਾ ਮੁਆਵਜਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ ਵਿੱਚ ਪੰਦਰਾਂ-ਪੰਦਰਾਂ ਸੌ ਰੁਪਏ ਪਾਏ ਜਾਣ। ਇਸ ਤੋਂ ਇਲਾਵਾ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।
ਧਰਨੇ ਕਾਰਨ ਮਾਨਸਾ-ਸਿਰਸਾ ਕੌਮੀ ਮਾਰਗ ਬੰਦ ਹੋਣ ਕਰਕੇ ਇਸ ਮਾਰਗ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮਗਰੋਂ ਧਰਨੇ ਦੌਰਾਨ ਕਿਸਾਨਾਂ ਤੋਂ ਮੰਗ ਪੱਤਰ ਲੈਣ ਲਈ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐੱਸਡੀਐੱਮ ਸਰਦੂਲਗੜ੍ਹ ਪੂਨਮ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਤੋਂ ਮੰਗ ਪੱਤਰ ਲੈਂਦਿਆਂ ਕਿਹਾ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚਿੰਤਤ ਹਨ ਅਤੇ ਸਮੇਂ-ਸਮੇਂ ਸਿਰ ਕਿਸਾਨਾਂ ਦੀਆਂ ਮੰਗਾਂ ਵਿਧਾਨ ਸਭਾ ਵਿੱਚ ਰੱਖਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੰਗਾਂ ਮਨਵਾਉਣ ਲਈ ਉਹ ਸਿਰ ਤੋੜ ਯਤਨ ਕਰਨਗੇ। ਇਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।
ਇਸ ਮੌਕੇ ਗੁਰਪਿੰਦਰ ਸਿੰਘ ਆਦਮਕੇ, ਤਰਲੋਚਨ ਸਿੰਘ ਸਰਦੂਲੇਵਾਲਾ, ਜਗਜੀਤ ਸਿੰਘ ਜਟਾਣਾ, ਗੁਰਤੇਜ ਸਿੰਘ ਟਿੱਬੀ ਅਤੇ ਗੁਰਤੇਜ ਸਿੰਘ ਜਟਾਣਾ ਹਾਜ਼ਰ ਸਨ।
ਮਾਨਸਾ ਬਲਾਕ ਵਿੱਚ 600 ਟਿਊਬਵੈੱਲ ਕੁਨੈਕਸ਼ਨ ਜਾਰੀ ਹੋਣ: ਜਵਾਹਰਕੇ
ਮਾਨਸਾ (ਜੋਗਿੰਦਰ ਸਿੰਘ ਮਾਨ): ਗ੍ਰੀਨ ਟ੍ਰਿਬਿਊਨਲ ਵੱਲੋਂ ਖੇਤੀ ਮੋਟਰਾਂ ਦੇ ਕੁਨੈਕਸ਼ਨ ਨਾ ਦੇਣ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਕੀਤੀ ਗਈ ਹਦਾਇਤ ਦੇ ਖਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਮਾਨਸਾ ਦੇ ਸਾਰੇ ਬਲਾਕਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ। ਇਨ੍ਹਾਂ ਮੰਗ ਪੱਤਰਾਂ ਵਿੱਚ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਕਿਹਾ ਗਿਆ ਕਿ ਖੇਤੀ ਸੈਕਟਰ ਲਈ ਬੰਦ ਪਏ ਟਿਊਬਵੈਲ ਕੁਨੈਕਸ਼ਨ ਚਾਲੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਇਨ੍ਹਾਂ ਕੁਨੈਕਸ਼ਨਾਂ ਲਈ ਬਕਾਇਦਾ ਪਾਵਰ ਕਾਰਪੋਰੇਸ਼ਨ ਨੂੰ ਸਕਿਊਰਿਟੀਆਂ ਭਰੀਆਂ ਹੋਈਆਂ ਹਨ। ਜਥੇਬੰਦੀ ਦੇ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਇਕੱਲੇ ਮਾਨਸਾ ਬਲਾਕ ਵਿੱਚ 600 ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 2018 ਤੋਂ ਕੈਪਟਨ ਸਰਕਾਰ ਵੱਲੋਂ ਖੇਤੀ ਸੈਕਟਰ ਲਈ ਟਿਊਬਵੈੱਲ ਕੁਨੈਕਸ਼ਨ ਦੇਣੇ ਬੰਦ ਕਰ ਦਿੱਤੇ ਗਏ ਸਨ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵੀ ਲਗਾਤਾਰ ਬੰਦ ਪਏ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿੰਨਾਂ ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨ ਲੈਣ ਲਈ ਡਿਮਾਂਡ ਨੋਟਿਸ ਕੱਟੇ ਹਨ ਤੇ ਐਸਟੀਮੇਟ ਬਣ ਚੁੱਕੇ ਹਨ ਤੇ ਜਿੰਨਾਂ ਕਿਸਾਨਾਂ ਨੇ ਟਿਊਬਵੈੱਲ ਕੁਨੈਕਸ਼ਨ ਲੈਣ ਲਈ ਸਕਿਊਰਟੀਆਂ ਭਰੀਆਂ ਹੋਈਆਂ ਹਨ, ਉਨ੍ਹਾਂ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਤੁਰੰਤ ਜਾਰੀ ਕੀਤੇ ਜਾਣ।