MansaNews: ਕਿਸਾਨ ਜਥੇਬੰਦੀ ਵੱਲੋਂ police ਖ਼ਿਲਾਫ਼ ਮੁਜ਼ਾਹਰਾ
ਬੀ ਕੇ ਯੂ (ਏਕਤਾ ਡਕੌਂਦਾ) ਨੇ ਪੀਡ਼ਤ ਕਿਸਾਨ ਲਈ ਇਨਸਾਫ਼ ਮੰਗਿਆ; ਐੱਸ ਐੱਸ ਪੀ ਦਫ਼ਤਰ ਅੱਗੇ ਧਰਨੇ ਦੀ ਚਿਤਾਵਨੀ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਥਾਣਾ ਜੋਗਾ ਅੱਗੇ ਵੱਡਾ ਇਕੱਠ ਦੌਰਾਨ ਰੋਸ ਮੁਜ਼ਾਹਰਾ ਕਰਦਿਆਂ ਬੱਸ ਅੱਡੇ ਉਪਰ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਨੇ ਇਹ ਅਰਥੀ ਫੂਕ ਪ੍ਰਦਰਸ਼ਨ ਪਿੰਡ ਰੱਲਾ ਦੇ ਪੀੜਤ ਕਿਸਾਨ ਨੂੰ ਇਨਸਾਫ਼ ਦਿਵਾਉਣ ਲਈ ਕੀਤਾ। ਆਗੂਆਂ ਨੇ ਐਲਾਨ ਕੀਤਾ ਕਿ ਜੇ ਇਨਸਾਫ਼ ਨਾ ਮਿਲਿਆ ਤਾਂ ਐੱਸ ਐੱਸ ਪੀ ਦਫ਼ਤਰ ਮਾਨਸਾ ਦਾ ਘਿਰਾਓ ਕਰ ਕੇ ਧਰਨਾ ਲਾਇਆ ਜਾਵੇਗਾ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਪਿੰਡ ਰੈੱਲਾ ਦੇ ਕਿਸਾਨ ਬਲਦੇਵ ਸਿੰਘ ਉਪਰ ਕੁੱਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ। ਪੁਲੀਸ ਨੇ ਕਸੂਰਵਾਰਾਂ ’ਤੇ ਡਾਕਟਰੀ ਰਿਪੋਰਟ ਅਨੁਸਾਰ ਬੀ ਐੱਨ ਐੱਸ ਦੀ ਧਾਰਾ 109 ਤਹਿਤ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ ਪਰ ਕਸੂਰਵਾਰਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ 22 ਅਗਸਤ ਤੋਂ ਥਾਣਾ ਜੋਗਾ ਅੱਗੇ ਧਰਨਾ ਲਾਇਆ ਹੋਇਆ ਹੈ ਪਰ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਅੱਕੇ ਕਿਸਾਨਾਂ ਵੱਲੋਂ ਅੱਜ ਵੱਡਾ ਇਕੱਠ ਕਰ ਕੇ ਜੋਗਾ ਦੇ ਬੱਸ ਸਾਹਮਣੇ ਪੁਲੀਸ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਬਲਦੇਵ ਸਿੰਘ ਨੂੰ ਇਨਸਾਫ਼ ਦੇਣ ਦੀ ਬਜਾਏ ਟਾਲ-ਮਟੋਲ ਦੀ ਨੀਤੀ ਜਾਰੀ ਰੱਖੀ ਤਾਂ ਆਉਂਦੇ ਦਿਨਾਂ ਵਿੱਚ ਐੱਸ ਐੱਸ ਪੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਗਦੇਵ ਸਿੰਘ ਕੋਟਲੀ, ਬਲਜੀਤ ਸਿੰਘ ਭੈਣੀਬਾਘਾ, ਬਾਵਾ ਸਿੰਘ ਖੀਵਾ, ਕਾਲਾ ਸਿੰਘਾ ਅਕਲੀਆ, ਦਰਸ਼ਨ ਸਿੰਘ ਰੜ, ਜਸਪਾਲ ਸਿੰਘ ਉੱਭਾ ਹਾਜ਼ਰ ਸਨ।

