ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 17 ਜੂਨ
ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ’ਤੇ ਦਰਜ ਮਾਮਲਿਆਂ ਨੂੰ ਰੱਦ ਕਰਵਾਉਣ, ਜੇਲ੍ਹੀਂ ਡੱਕੇ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਥਾਨਕ ਨਵੀਂ ਦਾਣਾ ਮੰਡੀ ਵਿੱਚ ਇਕੱਠ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਪਰੰਤ ਸ਼ਹਿਰ ਵਿੱਚ ਮਾਰਚ ਵੀ ਕੱਢਿਆ ਗਿਆ। ਦਾਣਾ ਮੰਡੀ ਵਿੱਚ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਗੁਰਪਾਸ ਸਿੰਘ ਸਿੰਘੇਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਲੇਖਕਾਂ, ਪੱਤਰਕਾਰਾਂ ਅਤੇ ਬੁੱਧੀਜੀਵੀਆਂ ਨੂੰ ਡਰਾਉਣ ਦੇ ਮਕਸਦ ਨਾਲ ਉਨ੍ਹਾਂ ’ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ ਅਤੇ ਇਨਸਾਫ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਦੀ ਫਾਸੀਵਾਦੀ ਤਾਨਾਸ਼ਾਹ ਭਾਜਪਾ ਹਕੂਮਤ ਵੱਲੋਂ ਦੇਸ ਦੀਆਂ ਵੱਖ-2 ਜੇਲ੍ਹਾਂ ਵਿੱਚ ਡੱਕੇ ਜਮਹੂਰੀ ਕਾਰਕੁਨਾਂ ਅਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਕਿਸਾਨ ਜਥੇਬੰਦੀ ਦੇ ਸੂਬਾਈ ਆਗੂ ਸੁਖਦੇਵ ਸਿੰਘ ਕੋਕਰੀ ਨੇ ਸੰਬੋਧਨ ਕੀਤਾ ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਰਿਲਾਇੰਸ ਪੰਪ ਵਲੂਰ ਵਿੱਚ ਕਾਲੇ ਕਾਨੂੰਨਾਂ ਖ਼ਿਲਾਫ਼ ਲਗਾਏ ਗਏ ਰੋਸ ਧਰਨੇ ਦੇ 261ਵੇਂ ਦਿਨ ਬੁੱਧੀਜੀਵੀਆਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕੁਲਵੰਤ ਸਿੰਘ ,ਵਿੱਤ ਸਕੱਤਰ ਗੁਰਬਚਨ ਸਿੰਘ ਖੋਪਲ, ਇਕਾਈ ਪ੍ਰਧਾਨ ਮਰੂੜ ਗੁਰਦੇਵ ਸਿੰਘ, ਜਸਪਾਲ ਸਿੰਘ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਨੀ ਦੇਰ ਸੰਘਰਸ਼ ਜਾਰੀ ਰਹੇੇਗਾ।