ਜਸਵੰਤ ਜੱਸ
ਫ਼ਰੀਦਕੋਟ, 3 ਨਵੰਬਰ
1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਦਿਵਾਉਣ ਤੇ ਸਿੱਖ ਕੈਦੀਆਂ ਤੇ ਸਮੇਤ ਸਮੁੱਚੇ ਸਿਆਸੀ ਕੈਦੀਆਂ ਤੇ ਹਵਾਲਾਤੀਆਂ ਦੀ ਰਿਹਾਈ ਲਈ ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਅੱਜ ਸਥਾਨਕ ਨਹਿਰੂ ਸਟੇਡੀਅਮ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਕੇਸ਼ਵ ਅਜ਼ਾਦ,ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਨੌਨਿਹਾਲ ਸਿੰਘ ਨੇ ਕਿਹਾ ਕਿ 1984 ਦੌਰਾਨ ਹੋਏ ਸਿੱਖਾਂ ਦੇ ਕਤਲੇਆਮ ਤੋਂ ਬਾਅਦ ਅੱਜ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਦੂਜੇ ਪਾਸੇ ਉਸ ਦੌਰ ਦੇ ਸੰਘਰਸ਼ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਤੇ ਆਗੂਆਂ ਨੂੰ ਉਮਰ ਕੈਦਾਂ ਦੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਤੋਂ ਬਾਅਦ ਵੀ ਦਹਾਕਿਆਂ ਬੱਧੀ ਜੇਲ੍ਹਾਂ ਵਿੱਚ ਬੰਦ ਰੱਖ ਕੇ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਇਸ ਬਹਾਨੇ ਸਾੜਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਬਾਹਰ ਆਉਣ ਨਾਲ ਪੰਜਾਬ ਦੇ ਹਲਾਤ ਖਰਾਬ ਹੋਣ ਦਾ ਡਰ ਹੈ, ਜਦੋਂ ਕਿ ਪੰਜਾਬ ਵਿੱਚ ਅਜਿਹਾ ਕੋਈ ਮਾਹੌਲ ਨਹੀਂ ਹੈ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਜ਼ੀਰਾ ਦੇ ਘੰਟਾ ਘਰ ਮੁੱਖ ਚੌਂਕ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਜ਼ਾਨਾ 12 ਤੋਂ 1 ਵਜੇ ਤੱਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਦਾ ਰੋਸ ਪ੍ਰਦਰਸ਼ਨ ਰੀਤਮਹਿੰਦਰ ਸਿੰਘ ਹੋਲਾਂਵਾਲੀ ਦੀ ਅਗਵਾਈ ਹੇਠ ਕੀਤਾ ਗਿਆ।
ਨਿਹਾਲ ਸਿੰਘ ਵਾਲਾ/ ਮੋਗਾ(ਰਾਜਵਿੰਦਰ ਰੌਂਤਾ): ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੀਤੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜਦੂਰ ਨੌਜਵਾਨ ਤੇ ਵਿਦਿਆਰਥੀ ਆਗੂਆਂ ਪ੍ਰਗਟ ਸਿੰਘ ਸਾਫੂਵਾਲਾ, ਚਮਕੌਰ ਸਿੰਘ ਰੋਡੇ , ਬਲਕਰਨ ਸਿੰਘ ਵੈਰੋਕੇ , ਮੰਗਾ ਸਿੰਘ ਵੈਰੋਕੇ, ਕਰਮਜੀਤ ਸਿੰਘ ਮਾਣੂੰਕੇ ਅਤੇ ਜਸਪ੍ਰੀਤ ਸਿੰਘ ਰਾਜੇਆਣਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਜ਼ਾਵਾਂ ਕੱਟ ਚੁੱਕੇ ਸਿੱਖ ਕੈਦੀਆਂ ਅਤੇ ਸਮਾਜਿਕ ਕਾਰਕੁਨਾਂ ਸੁਮੇਤ ਬੁੱਧੀਜੀਵੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦਿੱਤੀਆਂ ਜਾਣ।
ਫਾਜ਼ਿਲਕਾ ’ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ
ਫਾਜ਼ਿਲਕਾ (ਪਰਮਜੀਤ ਸਿੰਘ): ਪੰਜਾਬ ਸਟੂਡੈਂਟਸ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਅਤੇ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ 1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ, ਸਿਆਸੀ ਕਾਰਕੁਨਾ ਅਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਅੱਜ ਡਿਪਟੀ ਕਮਿਸ਼ਨਰ ਦਫਤਰ ਫਾਜ਼ਿਲਕਾ ਦੇ ਸਾਹਮਣੇ ਰੋਸ ਪ੍ਰਦਰਸਨ ਕਰਕੇ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਦੇ ਨਾਮ ਜੀ.ਏ ਟੂ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋਕੇ, ਸੁਖਮੰਦਰ ਸਿੰਘ ਬਜੀਦਪੁਰ ਭੋਮਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ, ਕਾਲਜ ਕਮੇਟੀ ਦੇ ਪ੍ਰਧਾਨ ਮਮਤਾ ਲਾਧੂਕਾ ਨੇ ਦੱਸਿਆ ਕਿ 84 ਦੇ ਸਿੱਖ ਕਤਲੇਆਮ ਦੇ 38 ਸਾਲ ਬੀਤ ਜਾਣ ਦੇ ਬਾਅਦ ਵੀ ਇਨਸਾਫ ਨਹੀਂ ਮਿਲਿਆ ਅਤੇ ਮੌਜੂਦਾ ਭਾਰਤ ਦੀ ਮੋਦੀ ਹਕੂਮਤ ਵੀ ਮੁਲਕ ਭਰ ’ਚ ਘੱਟ ਗਿਣਤੀਆਂ, ਕੌਮੀਅਤਾਂ, ਦਲਿਤਾਂ, ਕਮਿਊਨਿਸਟ ਇਨਕਲਾਬੀਆਂ, ਔਰਤਾਂ ਖਿਲਾਫ਼ ਆਪਣੇ ਹਿੰਦੀ ਹਿੰਦੂ ਹਿੰਦੁਸਤਾਨ ਦੇ ਏਜੰਡੇ ਤਹਿਤ ਜਬਰ ਢਾਹ ਰਹੀ ਹੈ।
ਕਿਸਾਨ ਤੇ ਵਿਦਿਆਰਥੀ ਜਥੇਬੰਦੀਆਂ ਹੋਈਆਂ ਸ਼ਾਮਲ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਇਥੇ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਭਾਈ ਮਹਾਂ ਸਿੰਘ ਦੀਵਾਨ ਹਾਲ ਵਿੱਚ ਬੈਠਕ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਜਸਵਿੰਦਰ ਝਬੇਲਵਾਲੀ, ਬਲਵਿੰਦਰ ਥਾਂਦੇਵਾਲਾ, ਬਲਜੀਤ ਲੰਡੇ ਰੋਡੇ, ਵਿਦਿਆਰਥੀ ਆਗੂ ਮੰਗਾ ਸਿੰਘ ਆਜ਼ਾਦ, ਸੁਖਪ੍ਰੀਤ ਕੌਰ ਨੇ ਕਿਹਾ ਕਿ 38 ਸਾਲ ਬਾਅਦ ਵੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਜੋ ਕਿ ਬਹੁਤ ਮੰਗਭਾਗੀ ਗੱਲ ਹੈ।