ਨਵਕਿਰਨ ਸਿੰਘ
ਮਹਿਲ ਕਲਾਂ, 8 ਫਰਵਰੀ
ਇੱਥੋਂ ਨੇੜਲੇ ਪਿੰਡ ਕੁਤਬਾ ਵਿੱਚ ਵੱਡੇ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਅੱਜ ਦੂਜੇ ਦਿਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ, ਵਿਧਾਇਕ ਹਾਕਮ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਇਮਾਨ ਸਿੰਘ ਮਾਨ ਸਣੇ ਹੋਰ ਸ਼ਖ਼ਸੀਅਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੁਤਬਾ-ਬਾਹਮਣੀਆਂ ਵਿੱਚ ਘੱਲੂਘਾਰੇ ਸਮੇਂ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ ਵੱਡੀ ਗਿਣਤੀ ਸਿੰੰਘਾਂ ਨੇ ਸ਼ਹਾਦਤ ਦਾ ਜਾਮ ਪੀਤਾ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਬਦਾਲੀ ਨਾਲ ਟਾਕਰੇ ਦੌਰਾਨ ਸਿੰਘਾਂ ਨੇ ਜਾਨਾਂ ਦੀ ਪਰਵਾਹ ਨਹੀਂ ਸੀ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮੰਤਰੀ ਅਨਮੋਲ ਗਗਨ ਮਾਨ ਅੱਗੇ ਪਿੰਡ ‘ਚ ਸ਼ਹੀਦਾਂ ਦੀ ਢੁਕਵੀਂ ਯਾਦਗਾਰ ਬਣਾਉਣ ਦੀ ਮੰਗ ਰੱਖੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਇਮਾਨ ਸਿੰਘ ਮਾਨ ਤੇ ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਦੇ ਮਸਲਿਆਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਐੱਸਡੀਐੱਮ ਗੋਪਾਲ ਸਿੰਘ ਆਦਿ ਨੇ ਸ਼ਰਧਾਂਜਲੀ ਭੇਟ ਕੀਤੀ। ਮੁਕੰਦ ਸਿੰਘ ਕੁਤਬਾ, ਕਰਮ ਸਿੰਘ ਰਾਏ ਤੇ ਗੁਰਦੀਪ ਸਿੰਘ ਜੌਹਲ ਆਦਿ ਵੱਲੋਂ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ। ਭਲਕੇ ਸਮਾਗਮ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।