ਬਠਿੰਡਾ ’ਚ ਮੇਅਰ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ 46.5 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਉੱਚੀਆਂ ਕਰਨ ਅਤੇ ਸੀਵਰੇਜ ਪ੍ਰਣਾਲੀ ਸੁਧਾਰ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸ਼ਾਮ ਲਾਲ ਜੈਨ, ਕੌਂਸਲਰ ਬਲਰਾਜ ਸਿੰਘ ਪੱਕਾ, ਐੱਸ ਈ ਸੰਦੀਪ ਗੁਪਤਾ ਤੇ ਹੋਰ ਮੌਜੂਦ ਸਨ। ਮੇਅਰ ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਹੀ ਸ਼ਹਿਰ ਵਾਸੀਆਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਜਾਂ ਦੇਰੀ ਕਿਸੇ ਵੀ ਸੂਰਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਪਰੰਤ ਮੇਅਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਫੋਕਲ ਪੁਆਇੰਟ ਪਹੁੰਚੇ, ਜਿੱਥੇ ਬਠਿੰਡਾ ਸਮਾਲ ਇੰਡਸਟੱਰੀਜ਼ ਐਸੋਸੀਏਸ਼ਨ ਨੇ ਮੁਕੇਸ਼ ਜਿੰਦਲ ਅਤੇ ਜਤਿੰਦਰ ਜਿੰਮੀ ਦੀ ਅਗਵਾਈ ਹੇਠ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਸੀਵਰੇਜ ਜਾਮ, ਟੁੱਟੀਆਂ ਸੜਕਾਂ, ਬਰਸਾਤੀ ਪਾਣੀ ਦੀ ਨਿਕਾਸੀ, ਸਟਰੀਟ ਲਾਈਟਾਂ ਤੇ ਸਫਾਈ ਵਰਗੀਆਂ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਦੇ ਤੁਰੰਤ ਹੱਲ ਲਈ ਮੇਅਰ ਨੇ ਨਿਗਮ ਅਧਿਕਾਰੀਆਂ ਨੂੰ ਹੁਕਮ ਦਿੱਤਾ। ਮੇਅਰ ਨੇ ਕਿਹਾ ਕਿ ਜ਼ਿਆਦਾਤਰ ਕੰਮਾਂ ਲਈ ਟੈਂਡਰ ਲੱਗ ਚੁੱਕੇ ਹਨ ਅਤੇ ਬਾਕੀ ਬਚੇ ਕੰਮ ਵੀ ਜਲਦੀ ਮੁਕੰਮਲ ਕੀਤੇ ਜਾਣਗੇ।