ਪੱਤਰ ਪ੍ਰੇਰਕ
ਮਾਨਸਾ, 2 ਸਤੰਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਮਜ਼ਦੂਰ ਮੰਗਾਂ ਲਈ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਅੱਗੇ ਚੱਲ ਰਿਹਾ ਪੱਕਾ ਮਜ਼ਦੂਰ ਮੋਰਚਾ ਅੱਜ 29ਵੇਂ ਦਿਨ ਵੀ ਜਾਰੀ ਰਿਹਾ। ਧਰਨਕਾਰੀਆਂ ਨੇ ਮਾਨ ਸਰਕਾਰ ਵੱਲੋਂ ਦੋ ਸਾਲਾਂ ਤੋਂ ਮਜ਼ਦੂਰਾਂ ਦੀ ਦਿਹਾੜੀ ਰੇਟ ਲਿਸਟ ਜਾਰੀ ਨਾ ਕਰਨ ’ਤੇ ਜ਼ਿਲ੍ਹਾ ਪ੍ਰੀਸ਼ਦ ਦੇ ਗੇਟ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜੀ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਅਤੇ ਕਾਮਰੇਡ ਹਰਭਗਵਾਨ ਭੀਖੀ ਨੇ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨਾਲ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਮੀਟਿੰਗ ਕੀਤੀ ਸੀ, 31 ਅਗਸਤ ਤੱਕ ਮਜ਼ਦੂਰਾਂ ਦੀ ਘੱਟੋ-ਘੱਟ ਦਿਹਾੜੀ ਰੇਟ ਲਿਸਟ ਜਾਰੀ ਕਰਨ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨਾਲ ਦਿਹਾੜੀ ਰੇਟ ਲਿਸਟ ਜਾਰੀ ਨਾ ਕਰ ਕੇ ਵਾਅਦਾਖਿਲਾਫ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤਰ੍ਹਾਂ ਹੀ ਸਰਕਾਰ ਦੀਆਂ ਪੰਜ ਸਤੰਬਰ ਤੱਕ ਅਰਥੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੀ ਮਜ਼ਦੂਰ ਵਰਗ ਦੀ ਕਿਰਤ ਦੀ ਲੁੱਟ ਕਰਾਉਣ ਲਈ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਦੇ ਵਿਕਾਸ ਕਰਨ ਦੀ ਗੱਲ ਕਰਨ ਵਾਲੀ ਮਾਨ ਸਰਕਾਰ ਗ਼ਰੀਬਾਂ ਨੂੰ ਭੁੱਲ ਕੇ ਮੋਦੀ ਦੀ ਤਰ੍ਹਾਂ ਆਪਣੇ ਨੇੜੇ ਦੇ ਬੰਦਿਆਂ ਨੂੰ ਲਾਭ ਦੇਣ ਦੀਆਂ ਨੀਤੀਆਂ ਉੱਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਮਾਨ ਸਰਕਾਰ ਨੇ ਪੰਜਾਬ ਦੀ ਸੱਤਾ ਉੱਪਰ ਬੈਠ ਕੇ ਦਲਿਤ, ਮਜ਼ਦੂਰ ਵਿਰੋਧੀ ਫ਼ੈਸਲੇ ਹੀ ਕੀਤੇ ਹਨ ਅਤੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਦਲਿਤਾਂ, ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।