ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ
‘ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ’ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜ਼ਿਲ੍ਹਾ ਪ੍ਰਧਾਨ ਡਾ. ਦੀਦਾਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੀ ਹਮਾਇਤ ਵਿੱਚ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ। ਜ਼ਿਲ੍ਹਾ ਪ੍ਰਧਾਨ ਡਾ. ਦੀਦਾਰ ਸਿੰਘ, ਡਾ. ਜਗਸੀਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਮਦਰੱਸਾ, ਡਾ. ਬਲਵੀਰ ਸਿੰਘ ਸੱਚਦੇਵਾ, ਡਾ. ਜਗਵੀਰ ਸਿੰਘ, ਡਾ. ਰਿਸ਼ਕੇਸ਼ ਭੋਲੀ, ਗੋਬਿੰਦ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਹੱਥੋਂ ਆਮ ਲੋਕਾਂ ਦੀ ਲੁੱਟ ਕਰਵਾਉਣ ਤੇ ਤੁਲੀ ਹੋਈ ਹੈ ਜਿਸ ਕਾਰਨ ਲੋਕਾਂ ’ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਸਮੂਹ ਬੁਲਾਰਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਨਾ ਕੀਤਾ ਜਾਵੇ, ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ। ਉਪਰੰਤ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।