ਪੱਤਰ ਪ੍ਰੇਰਕ
ਮਾਨਸਾ, 17 ਅਪਰੈਲ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਕਿਹਾ ਕਿ ਮੌਜੂਦਾ ਚੋਣਾਂ ਸਮੇਂ ਦੌਰਾਨ ਵੋਟਾਂ ਮੰਗਣ ਆਉਣ ਵਾਲੀਆਂ ਰਾਜਨੀਤਕ ਪਾਰਟੀਆਂ ਅਤੇ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਨੂੰ ਜ਼ਾਬਤੇ ਵਿੱਚ ਰਹਿ ਕੇ ਲੋਕਾਂ ਨਾਲ ਕੀਤੇ ਵਾਅਦੇ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਮੰਗਾਂ ਸਬੰਧੀ ਸਵਾਲ ਪੁੱਛਣੇ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨਾਂ ਵਿੱਚ ਬੇਸ਼ੱਕ ਚਾਰ ਵਿਧਾਇਕਾਂ ਵੱਲੋਂ ਐਸੋਸੀਏਸ਼ਨ ਦੀਆਂ ਮੰਗਾਂ ਨਾਲ ਸਹਿਮਤੀ ਜਿਤਾਉਂਦਿਆਂ ਟ੍ਰੇਨਿੰਗ ਦੇ ਕੇ ਕਾਨੂੰਨੀ ਮਾਨਤਾ ਦੇਣ ਦੀ ਪੁਰਜ਼ੋਰ ਮੰਗ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ।
ਸ੍ਰੀ ਗੋਇਲ ਨੇ ਕਿਹਾ ਕਿ ਜਥੇਬੰਦੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਸੱਦਾ ਦਿੰਦਿਆਂ ਅਜੋਕੇ ਸਮੇਂ ਭਰਾਤਰੀ ਜਥੇਬੰਦੀਆਂ ਨਾਲ ਭਰਾਤਰੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਕਰਮਜੀਤ ਸਿੰਘ ਸੂਚ, ਸਿਮਰਜੀਤ ਸਿੰਘ ਗਾਗੋਵਾਲ, ਮੈਂਗਲ ਸਿੰਘ ਤੇ ਪ੍ਰੇਮ ਗਰਗ ਨੇ ਵੀ ਸੰਬੋਧਨ ਕੀਤਾ।