ਲੱਕੜਵਾਲੀ ’ਚ ਮੈਡੀਕਲ ਸਟੋਰ ਸੀਲ; ਮੁਲਜ਼ਮ ਗ੍ਰਿਫ਼ਤਾਰ
ਕਾਲਾਂਵਾਲੀ ਖੇਤਰ ਵਿੱਚ ਨਸ਼ੇ ਦੀ ਓਵਰਡੋਜ਼ ਮਾਮਲੇ ਵਿੱਚ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਲੱਕੜਵਾਲੀ ਪਿੰਡ ਵਿੱਚ ਇੱਕ ਮੈਡੀਕਲ ਸਟੋਰ ਸੀਲ ਕਰ ਦਿੱਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਗੁਰਦਾਸ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਕਾਲਾਂਵਾਲੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਗੁਦਰਾਣਾ ਦੇ ਰਹਿਣ ਵਾਲੇ ਤਾਰਾ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੇ ਬਿਆਨ ਵਿੱਚ ਤਾਰਾ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਪ੍ਰਗਟ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲੀਸ ਨੇ ਸਬੂਤ ਇਕੱਠੇ ਕੀਤੇ ਅਤੇ ਲੱਕੜਵਾਲੀ ਵਿੱਚ ਬਾਲਾਜੀ ਮੈਡੀਕਲ ਸਟੋਰ ਚਲਾਉਣ ਵਾਲੇ ਗੁਦਰਾਣਾ ਦੇ ਰਹਿਣ ਵਾਲੇ ਦੋ ਮੁਲਜ਼ਮਾਂ ਹਰਪ੍ਰੀਤ ਸਿੰਘ ਅਤੇ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਮੈਡੀਕਲ ਸਟੋਰ ਤੋਂ ਨਸ਼ੇ ਦੀ ਓਵਰਡੋਜ਼ ਲਈ ਵਰਤੀਆਂ ਜਾਂਦੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਡਰੱਗ ਕੰਟਰੋਲਰ ਅਫਸਰ ਕੇਸ਼ਵ ਵਸ਼ਿਸ਼ਠ ਦੀ ਸਹਾਇਤਾ ਨਾਲ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਸੀ।
