ਚੰਡੀਗੜ੍ਹ ਧਰਨੇ ਲਈ ਸ਼ਹਿਣਾ ਦੇ ਪਿੰਡਾਂ ਵਿੱਚ ਮੀਟਿੰਗਾਂ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਸ਼ਹਿਣਾ ਦੇ ਅੱਧੀ ਦਰਜਨ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ...
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਸ਼ਹਿਣਾ ਦੇ ਅੱਧੀ ਦਰਜਨ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ, ਇਕਾਈ ਸ਼ਹਿਣਾ ਦੇ ਪ੍ਰਧਾਨ ਗੁਰਜੰਟ ਸਿੰਘ, ਪਿੰਡ ਭੋਤਨਾ ਦੀ ਇਕਾਈ ਦੇ ਪ੍ਰਧਾਨ ਰਣਜੀਤ ਸਿੰਘ, ਪਿੰਡ ਮੱਲੀਆਂ ਇਕਾਈ ਦੇ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਤੋਂ ਬਿਜਲੀ ਬੋਰਡ ਖੋਹ ਕੇ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਲਈ ਆਗਾਮੀ ਲੋਕ ਸਭਾ ਸੈਸ਼ਨ ਵਿੱਚ ਬਿੱਲ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸਾਰੇ ਲੋਕਾਂ ਨੂੰ ਨਾਲ ਲੈ ਕੇ ਦੇਸ਼ ਵਿੱਚ ਖੇਤੀ ਕਾਨੂੰਨਾਂ ਤੋਂ ਵੀ ਵੱਡਾ ਅੰਦੋਲਨ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਸੋਧ ਬਿੱਲ 2025 ਨੂੰ ਵਿਧਾਨ ਸਭਾ ਵਿੱਚ ਰੱਦ ਕਰੇ ਨਹੀਂ ਤਾਂ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨਾਮਧਾਰੀ ਨੇ ਕਿਹਾ ਕਿ ਕੇਂਦਰ ਵੱਲੋਂ ਚੰਡੀਗੜ੍ਹ ਨੂੰ ਪੱਕੇ ਤੌਰ ’ਤੇ ਪੰਜਾਬ ਕੋਲੋਂ ਖੋਹਣ ਲਈ ਸੰਵਿਧਾਨ ਵਿੱਚ ਸੋਧ ਕੀਤੀ ਜਾ ਰਹੀ ਹੈ, ਜਿਸ ਨੂੰ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੱਥੇਬੰਦੀ ਵੱਲੋਂ ਭੋਤਨਾ, ਮੱਲੀਆਂ, ਸ਼ਹਿਣਾ, ਬੁਰਜ ਫਤਿਹਗੜ੍ਹ, ਭਗਤਪੁਰਾ ਮੌੜ ਆਦਿ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ।
ਉਨ੍ਹਾਂ ਪਿੰਡਾਂ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ -34 ਦੇ ਦਸਹਿਰਾ ਗਰਾਊਂਡ ਵਿੱਚ ਪੁੱਜਣ ਤਾਂ ਜੋ ਕੇਂਦਰ ਸਰਕਾਰ ਦੀਆਂ ਸਾਜਿਸ਼ਾਂ ਨੂੰ ਨੱਪਿਆ ਜਾ ਸਕੇ।

