MGNREGA Employees Begin Strike in Barnala: ਮਗਨਰੇਗਾ ਕਾਮਿਆਂ ਵੱਲੋਂ ਕਲਮ ਛੋੜ ਹੜਤਾਲ ਮੁੜ ਸ਼ੁਰੂ
ਏ ਡੀ ਸੀ ਨੂੰ ਮੰਗ ਪੱਤਰ ਸੌਂਪਿਆ
ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਮਗਨਰੇਗਾ ਕਰਮਚਾਰੀਆਂ ਨੇ ਮੁੜ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਗੁਲਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਅਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਕਿ ਮਗਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵਿੱਚ ਪਿਛਲੇ 18 ਸਾਲਾਂ ਤੋਂ ਠੇਕੇਦਾਰੀ ਸਿਸਟਮ ਤਹਿਤ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਨੂੰ 6-7 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਜਿਸ ਕਰਕੇ ਸੂਬਾ ਪੱਧਰ ’ਤੇ ਯੂਨੀਅਨ ਵੱਲੋਂ ਲਏ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਬਰਨਾਲਾ ਵਿੱਚ 2 ਜੂਨ ਤੋਂ ਕਲਮ ਛੋੜ ਹੜਤਾਲ ਕਰ ਕੇ ਕੰਮ ਮੁਕੰਮਲ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਪਾਸੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਅਤੇ ਸੇਵਾਵਾਂ ਪੱਕੇ ਕਰਨ ਦੀ ਮੰਗ ਕੀਤੀ। ਇਸ ਮੌਕੇ ਰਮਨਦੀਪ ਕੌਰ, ਪਰਮਿੰਦਰ ਸਿੰਘ ਮਾਣੂੰਕੇ, ਪੰਕਜ ਕੁਮਾਰ, ਇੰਦਰਜੀਤ ਸਿੰਘ, ਅਮਨਦੀਪ ਸਿੰਘ ਕੱਟੂ, ਜਸਮੀਤ ਸਿੰਘ ਤੁੰਗ, ਕੁਲਵੀਰ ਕੌਰ, ਮਹਿੰਦਰ ਸਿੰਘ ਮਹਿਲ ਕਲਾਂ, ਮਹਿੰਦਰ ਸਿੰਘ ਰਾਏਸਰ ਹਾਜ਼ਰ ਸਨ।

