ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਜੈਤੋ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਅਣਮਿੱਥੇ ਸਮੇਂ ਲਈ ਕਲਮ-ਛੋੜ ਹੜਤਾਲ ਕੀਤੀ ਗਈ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਮਗਨਰੇਗਾ ਮੁਲਾਜ਼ਮ ਪਿਛਲੇ 17-18 ਸਾਲਾਂ ਤੋਂ ਕੰਟਰੈਕਟ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਕਰਮਚਾਰੀ ਆਪਣੀ ਹਾਜ਼ਰੀ ਬਲਾਕ ਦਫ਼ਤਰਾਂ ਵਿੱਚ ਲਗਾਉਂਦੇ ਰਹਿਣਗੇ।
ਯੂਨੀਅਨ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਇਸ ਮਿਆਦ ਦੌਰਾਨ ਸੂਬੇ ਵਿੱਚ ਵੱਖ-ਵੱਖ ਸਰਕਾਰਾਂ ਰਹੀਆਂ, ਜਿਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨੀਤੀਆਂ ਅਤੇ ਕਾਨੂੰਨ ਬਣਾਏ, ਪਰ ਮਗਨਰੇਗਾ ਮੁਲਾਜ਼ਮਾਂ ਨੂੰ ਇਨ੍ਹਾਂ ਦਾ ਕੋਈ ਲਾਭ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਹਰ ਸਰਕਾਰ ਨੇ ਨਰੇਗਾ ਕਰਮਚਾਰੀਆਂ ਨੂੰ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ। ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਉਹ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਨ ਲਈ ਮਜ਼ਬੂਰ ਹਨ ਅਤੇ ਪਿਛਲੇ 6-7 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਵੀ ਨਹੀਂ ਮਿਲੀ।
ਇਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੈਂਡਿੰਗ ਮਟੀਰੀਅਲ ਪੇਮੈਟਾਂ ਜੋ ਕਿ ਤਿੰਨ ਸਾਲਾਂ ਤੋਂ ਰੋਕ ਰੱਖੀਆਂ ਨੇ ਜਾਰੀ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਚ ਮਰਜ਼ ਕਰਨ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਬਲਾਕ ਪ੍ਰਧਾਨ ਹਰਬੰਸ ਸਿੰਘ, ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਤਕਨੀਕੀ ਸਹਾਇਕ ਹਰਮੀਤ ਸਿੰਘ, ਹੈਪੀ, ਰੇਖਾ ਕੁਮਾਰੀ, ਬਲਕਰਨ ਸਿੰਘ, ਗੰਗਾ ਸਿੰਘ ਅਤੇ ਸਮੂਹ ਮਗਨਰੇਗਾ ਸਟਾਫ਼ ਹਾਜ਼ਰ ਸੀ।
Advertisement
ਕੈਪਸ਼ਨ: ਜੈਤੋ ਵਿਖੇ ਧਰਨੇ ’ਤੇ ਬੈਠੇ ਹੜਤਾਲੀ ਮਗਨਰੇਗਾ ਕਰਮਚਾਰੀ। –ਫ਼ੋਟੋ: ਕਟਾਰੀਆ
Advertisement
Advertisement
×

