ਜਸਪ੍ਰੀਤ ਸੇਖੋਂ
ਮੰਡੀ ਲੱਖੇਵਾਲੀ ,7 ਮਈ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਪਿੰਡ ਲੱਖੇਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਵਿੱਚ ਕਬਾੜ ਨਾਲ ਭਰੇ ਪਏ ਇੱਕੋ ਕਮਰੇ ਵਿੱਚ ਚੱਲਦੇ ਤਿੰਨ ਆਂਗਣਵਾੜੀ ਸੈਂਟਰਾਂ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਆਂਗਣਵਾੜੀ ਵਰਕਰਾਂ ਬਲਜੀਤ ਕੌਰ, ਹਰਪ੍ਰੀਤ ਕੌਰ ਤੇ ਸੁਖਵਿੰਦਰ ਕੌਰ ਨੇ ਮੰਤਰੀ ਨੂੰ ਦੱਸਿਆ ਕਿ ਉਹ ਬਹੁਤ ਤੰਗ ਹਨ ਤੇ ਉਨ੍ਹਾਂ ਨੂੰ ਇੱਥੇ ਕੋਈ ਸਹੂਲਤ ਨਹੀਂ ਮਿਲ ਰਹੀ। ਇੱਥੋਂ ਤੱਕ ਕੇ ਪੀਣ ਵਾਲਾ ਪਾਣੀ ਵੀ ਨਹੀਂ ਮਿਲ ਰਿਹਾ। ਉਨ੍ਹਾਂ ਆਧੁਨਿਕ ਸਹੂਲਤਾਂ ਵਾਲੇ ਆਂਗਣਵਾੜੀ ਸੈਂਟਰ ਬਣਾਉਣ ਦੀ ਮੰਗ ਕੀਤੀ। ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਸਲੇ ਦਾ ਜਲਦੀ ਹੱਲ ਕਰਨਗੇ। ਇਸ ਮੌਕੇ ਮੌਜੂਦ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਨੇ ਮੰਤਰੀ ਦੇ ਧਿਆਨ ਵਿੱਚ ਇਹ ਮਾਮਲਾ ਲਿਆਉਂਦਿਆਂ ਕਿਹਾ ਕਿ ਕੁੱਝ ਹੋਰ ਥਾਵਾਂ ’ਤੇ ਵੀ ਅਜਿਹੇ ਮਸਲੇ ਹਨ ਜਿਨ੍ਹਾਂ ਨੂੰ ਹੱਲ ਕੀਤਾ ਜਾਵੇ। ਇਸ ਤੋਂ ਪਹਿਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪੁੱਜੀ ਕੈਬਨਿਟ ਮੰਤਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਆਂਗਣਵਾੜੀ ਸੈਂਟਰਾਂ ਦਾ ਸਮਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਕੀਤਾ ਜਾਵੇ ਅਤੇ ਛੁੱਟੀਆਂ ਵੀ ਬਰਾਬਰ ਕੀਤੀਆਂ ਜਾਣ। ਮੰਤਰੀ ਨੇ ਕਿਹਾ ਕਿ ਉਹ ਅੱਜ ਹੀ ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਇਹ ਮਸਲਾ ਹੱਲ ਕਰਵਾਉਣਗੇ।
ਮਜ਼ਦੂਰਾਂ ਲਈ ਲਾਭਪਾਤਰੀ ਕਾਪੀ ਦੀਆਂ ਸ਼ਰਤਾਂ ਨੂੰ ਸੁਖਾਲਾ ਕੀਤਾ ਜਾਵੇਗਾ: ਸੰਧਵਾਂ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਇੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਸਮੂਹ ਰਾਮਗੜ੍ਹੀਆ ਭਾਈਚਾਰੇ ਵੱਲੋਂ ਮਨਾਇਆ ਗਿਆ। ਇਸ ਸਬੰਧੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਸਰਦਾਰ ਜੱਸਾ ਸਿੰਘ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਆਪਸੀ ਭਾਈਚਾਰੇ ਨੂੰ ਹਮੇਸ਼ਾ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਬਾਬਾ ਵਿਸ਼ਵਕਰਮਾ ਟੈਕਨੀਕਲ ਯੂਨੀਵਰਸਿਟੀ ਵੀ ਸਥਾਪਤ ਕੀਤੀ ਜਾਵੇਗੀ, ਜਿੱਥੇ ਬੇਰੁਜ਼ਗਾਰਾਂ ਨੂੰ ਸਨਅਤ ਨਾਲ ਸਬੰਧਤ ਸਿਖਲਾਈ ਦੇ ਕੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਿਸਤਰੀ ਮਜ਼ਦੂਰਾਂ ਦਾ ਕੰਮ ਵਾਲੇ ਵਿਅਕਤੀਆਂ ਨੂੰ ਸਰਕਾਰ ਵੱਲੋਂ ਜਾਰੀ ਕੀਤੀ ਜਾਣ ਵਾਲੀ ਲਾਭਪਾਤਰੀ ਕਾਪੀ ਦੀਆਂ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਇਆ ਜਾਵੇਗਾ ਤਾਂ ਜੋ ਇਸ ਵਰਗ ਦੇ ਲੋਕ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣਾ।