ਖੇਤਰੀ ਪ੍ਰਤੀਨਿਧ
ਬਰਨਾਲਾ, 25 ਜੂਨ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ’ਤੇ 6ਵੇਂ ਪੇਅ ਕਮਿਸ਼ਨ ਨੂੰ ਸਹੀ ਢੰਗ ਨਾਲ ਨਾ ਲਾਗੂ ਕਰਨ ਦੇ ਰੋਸ ਵਿੱਚ ਅੱਜ ਦਫ਼ਤਰ ਡਿਪਟੀ ਕਮਿਸ਼ਨਰ, ਬਰਨਾਲਾ ਵਿੱਚ ਤੀਜੇ ਦਿਨ ਵੀ ਕਲਮਛੋੜ ਹੜਤਾਲ ਜਾਰੀ ਰੱਖਦਿਆਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਤੇ ਜਨਰਲ ਸਕੱਤਰ ਰਵਿੰਦਰ ਸ਼ਰਮਾ ਨੇ ਮੰਗ ਕੀਤੀ ਕਿ ਸੇਵਾਦਾਰ ਤੋਂ ਲੈ ਕੇ ਕਲਾਸ 1 ਤੱਕ 01-01-2016 ਦੇ ਸਮੇਂ ਮੁੱਢਲੀ ਤਨਖਾਹ ਉਪਰ 2.74 ਨਾਲ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਵੇ। ਇਸ ਮੌਕੇ ਗਗਨ ਸ਼ਰਮਾ, ਅੰਮ੍ਰਿਤ ਸਿੰਘ, ਗੁਰਮੀਤ ਸਿੰਘ, ਦੀਪਕ ਮਿੱਤਲ, ਸੁਖਪਾਲ ਸਿੰਘ, ਸਾਹਿਲ ਕੁਮਾਰ ਆਦਿ ਆਗੂ ਹਾਜ਼ਰ ਸਨ।
ਮਾਨਸਾ (ਪੱਤਰ ਪ੍ਰੇਰਕ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਮਾਨਸਾ ਜ਼ਿਲ੍ਹਾ ਇਕਾਈ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੇ-ਆਪਣੇ ਦਫਤਰਾਂ ਵਿੱਚ ਹੀ ਰਹਿ ਕੇ ਪੰਜਾਬ ਸਰਕਾਰ ਖਿਲਾਫ਼ ਕਲਮ ਛੋੜ ਹੜਤਾਲ ਅਤੇ ਗੇਟ ਰੈਲੀਆਂ ਕਰਦਿਆਂ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।ਉਧਰ ਮਨਿਸਟੀਰੀਅਲ ਕਾਮਿਆਂ ਦੀ ਇਸ ਹੜਤਾਲ ਕਾਰਨ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮ ਨਾ ਹੋਣ ਕਾਰਨ ਹਰ-ਰੋਜ਼ ਭਰੇ ਮਨਾਂ ਨਾਲ ਵਾਪਸ ਮੁੜਨਾ ਪੈ ਰਿਹਾ ਹੈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜ਼ਸਦੀਪ ਸਿੰਘ ਚਹਿਲ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ, ਜਿਥੇ ਸਰਕਾਰ ਵੱਲੋਂ ਆਪਣੇ ਸਾਰੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਵਾਧਾ ਕਰ ਲਿਆ ਹੈ, ਪ੍ਰੰਤੂ ਮੁਲਾਜ਼ਮਾਂ ਨਾਲ ਇਨਸਾਫ਼ ਨਾ ਕੀਤਾ। ਇਸ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ।ਇਸ ਮੌਕੇ ਸੰਦੀਪ ਸਿੰਘ,ਰਵਿੰਦਰਪਾਲ ਸਿੰਘ, ਮਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ।