ਮਨਿਸਟੀਰੀਅਲ ਕਾਮਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਅਤੇ ਬਾਕੀ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਦੀ ਅਗਵਾਈ ’ਚ ਸੂਬੇ ਦੇ ਮੁੱਖ ਮੰਤਰੀ ਦੇ ਨਾਂ ’ਤੇ ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ਵਿੱਚ ਡੀ ਸੀ ਦਫ਼ਤਰ ਦੇ ਨੁਮਾਇੰਦੇ ਜਗਸੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਆਗੂ ਜਸਵੰਤ ਸਿੰਘ ਮੌਜੋ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਿਸਟੀਰੀਅਲ ਕਾਮਿਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਸੱਤਾ ਸੰਭਾਲਣ ਉਪਰੰਤ ਹੀ ਬਹਾਲ ਕਰ ਦਿੱਤੀ ਜਾਵੇਗੀ ਜੋ ਲਾਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਇੱਕ ਅਧੂਰਾ ਨੋਟੀਫਿਕੇਸ਼ਨ 3 ਸਾਲ ਪਹਿਲਾਂ ਦੀਵਾਲੀ ਸਮੇਂ ਜਾਰੀ ਕੀਤਾ ਗਿਆ ਹੈ, ਜਿਸ ਸਬੰਧੀ ਸਰਕਾਰ ਵੱਲੋਂ ਵੱਡੇ-ਵੱਡੇ ਇਸ਼ਤਿਹਾਰ ਲਾ ਕੇ ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਸਿਰਫ ਗੁਮਰਾਹ ਕਰਦੇ ਹੋਏ ਭੰਡੀ ਪ੍ਰਚਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੋਰ ਹੱਕੀ ਮੰਗਾਂ ਜੋ ਸਰਕਾਰ ਵੱਲੋਂ ਮੰਨੀਆਂ ਗਈਆਂ ਸਨ, ਨੂੰ ਲਾਗੂ ਨਹੀਂ ਕਰ ਰਹੇ, ਜਦੋਂ ਕਿ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਵੱਲੋਂ ਸਰਕਾਰ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਜਥੇਬੰਦੀ ਵੱਲੋਂ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾਵੇਗੀ।ਇਸ ਮੌਕੇ ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਕੰਵਰਜੀਤ ਸਿੰਘ, ਗੁਰਤੇਜ ਸਿੰਘ, ਮਨੋਜ ਕੁਮਾਰ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ ਵੀ ਮੌਜੂਦ ਸਨ।