ਪੱਤਰ ਪ੍ਰੇਰਕ
ਬਠਿੰਡਾ, 17 ਸਤੰਬਰ
ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਲਾਲ ਲਕੀਰ ਅਧੀਨ ਆਉਂਦੇ ਰਕਬੇ ਦੀ ਬਠਿੰਡਾ ’ਚ 21 ਸਤੰਬਰ ਤੋਂ ਨਿਸ਼ਾਨਦੇਹੀ ਸ਼ੁਰੂ ਕੀਤੀ ਜਾਵੇਗੀ। ਜ਼ਿਲ੍ਹੇ ਅਧੀਨ ਪੈਂਦੇ 300 ਪਿੰਡਾਂ ਦੀ ਨਿਸ਼ਾਨਦੇਹੀ ਦਾ ਕੰਮ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ। ਇਸ ਕੰਮ ਲਈ ਡਰੋਨ ਕੈਮਰਿਆਂ ਰਾਹੀਂ ਲਾਲ ਲਕੀਰ ਅਧੀਨ ਆਉਂਦੇ ਪਿੰਡਾਂ ਦੀ ਮੈਪਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ‘ਮਿਸ਼ਨ ਲਾਲ ਲਕੀਰ’ ਦੇ ਸਬੰਧ ਵਿਚ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 21 ਸਤੰਬਰ ਨੂੰ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਰਾਮਪੁਰਾ ਹਲਕੇ ਤੋਂ ‘ਮਿਸ਼ਨ ਲਾਲ ਲਕੀਰ’ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਵਿੱਚ ਵਸਦੇ ਲੋਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਰਹੀ ਹੈ ਕਿ ਪਿੰਡਾਂ ਦੀ ‘ਲਾਲ ਲਕੀਰ’ ਵਿੱਚ ਪੈਂਦੀਆਂ ਹਰ ਤਰ੍ਹਾਂ ਦੀਆਂ ਜਾਇਦਾਦਾਂ ਦੀ ਵਿਸਥਾਰਤ ਸੂਚੀ ਤਿਆਰ ਕੀਤੀ ਜਾਵੇ।