ਜੈਤੋ ’ਚ ਵਿਧਾਇਕ ਅਮੋਲਕ ਸਿੰਘ ਨੇ ਨਿਯੁਕਤੀ ਪੱਤਰ ਵੰਡੇ
ਇੱਥੇ ਨਗਰ ਕੌਂਸਲ ਦਫ਼ਤਰ ਵਿੱਚ ਇੱਕ ਸਮਾਗਮ ਦੌਰਾਨ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੱਲੋਂ ਨਗਰ ਕੌਂਸਲ ਦੇ 50 ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ।
ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸਾਢੇ ਤਿੰਨ ਸਾਲਾਂ ਦੇ ਥੋੜ੍ਹੇ ਜਿਹੇ ਅਰਸੇ ਦੌਰਾਨ ਹੀ ਪੰਜਾਬ ਸਰਕਾਰ ਵੱਲੋਂ ਪੰਜਾਹ ਹਜ਼ਾਰ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਵੱਖ-ਵੱਖ ਵਿਭਾਗਾਂ ’ਚ ਖਾਲੀ ਅਸਾਮੀਆਂ ਭਰਨ ਲਈ ਹੁਣ ਵੀ ਸਰਕਾਰ ਵੱਲੋਂ ਹਜ਼ਾਰਾਂ ਪੋਸਟਾਂ ਕੱਢੀਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਨੌਕਰੀਆਂ ਯੋਗਤਾ ਅਨੁਸਾਰ ਦਿੱਤੀਆਂ ਗਈਆਂ ਹਨ ਅਤੇ ਕੋਈ ਵੀ ਉਮੀਦਵਾਰ ਇਹ ਨਹੀਂ ਕਹਿ ਸਕਦਾ ਕਿ ਉਸ ਨੂੰ ਸਿਫ਼ਾਰਸ਼ ਜਾਂ ਰਿਸ਼ਵਤ ਦੀ ਜ਼ਰੂਰਤ ਪਈ ਹੋਵੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨਗਰ ਕੌਂਸਲ ਦਫ਼ਤਰ ਨਾਲ ਸਬੰਧਤ ਇਹ ਅਸਾਮੀਆਂ ਸੰਨ 2021 ਤੋਂ ਖਾਲੀ ਚੱਲੀਆਂ ਆ ਰਹੀਆਂ ਸਨ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਕਰਮਚਾਰੀਆਂ ਨੂੰ ਡੀਸੀ ਰੇਟਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਨਗਰ ਕੌਂਸਲ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਨੇ ਵਿਧਾਇਕ ਦੀ ਆਮਦ ’ਤੇ ਰਸਮੀ ਤੌਰ ’ਤੇ ਸਵਾਗਤ ਕੀਤਾ। ਸਮਾਗਮ ਵਿੱਚ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਬਲਵਿੰਦਰ ਸਿੰਘ, ਮੀਤ ਪ੍ਰਧਾਨ ਨਰਿੰਦਰ ਪਾਲ ਸਿੰਘ, ਨਾਇਬ ਸਿੰਘ ਬਰਾੜ, ਕੋਮਲ ਸ਼ਰਮਾ ਤੋਂ ਇਲਾਵਾ ਕੌਂਸਲ ਦਫ਼ਤਰ ਦਾ ਸਮੁੱਚਾ ਅਮਲਾ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ।