ਟ੍ਰਿਬਿਊਨ ਨਿਊਜ਼ ਸਰਵਿਸ
ਕੋਟਕਪੂਰਾ, 4 ਮਈ
ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਵਜੋਂ ਉਨ੍ਹਾਂ ਨੂੰ ਮਿਲਣ ਵਾਲੀ ਤਨਖਾਹ ਅਤੇ ਭੱਤੇ ਕਰੋਨਾ ਮਰੀਜ਼ਾਂ ਦੀ ਭਲਾਈ ਲਈ ਖਰਚਣ ਦਾ ਐਲਾਨ ਕੀਤਾ ਹੈ। ਸ੍ਰੀ ਸੰਧਵਾਂ ਨੇ ਸਰਕਾਰ ’ਤੇ ਸਰਕਾਰੀ ਹਸਪਤਾਲਾਂ ਦੀ ਬਿਹਤਰੀ ਲਈ ਉਚਿਤ ਕਦਮ ਨਾ ਚੁੱਕਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਸਪਤਾਲਾਂ ’ਚ ਸਟਾਫ ਅਤੇ ਦਵਾਈਆਂ ਦੀ ਘਾਟ ਹੈ, ਜਿਸ ਕਾਰਨ ਮਹਿੰਗੇ ਪ੍ਰਾਈਵੇਟ ਹਸਪਤਾਲਾਂ ’ਚ ਇਲਾਜ ਕਰਵਾਉਣ ਲਈ ਮਜਬੂਰ ਹਨ, ਕੈਂਸਰ ਮਰੀਜ਼ ਮੁੱਖ ਮੰਤਰੀ ਰਾਹਤ ਫੰਡ ’ਚੋਂ ਮੱਦਦ ਦੀ ਉਡੀਕ ਕਰਦੇ ਕਰਦੇ ਸੰਸਾਰ ਤੋਂ ਰੁਖ਼ਸਤ ਹੋ ਰਹੇ ਹਨ, ਪਰ ਮੁੱਖ ਮੰਤਰੀ ਸਭ ਕੁਝ ਠੀਕ ਹੋਣ ਦਾ ਰਾਗ ਅਲਾਪ ਰਹੇ ਹਨ। ਇਸ ਲਈ ਉਨ੍ਹਾਂ ਆਪਣੇ ਵੱਲੋਂ ਸਹਾਇਤਾ ਰਾਸ਼ੀ ਮੁੱਖ ਮੰਤਰੀ ਰਾਹਤ ਕੋਸ਼ ’ਚ ਪਾਉਣ ਦੀ ਬਜਾਏ ਸਿੱਧੇ ਤੌਰ ’ਤੇ ਲੋੜਵੰਦ ਅਤੇ ਪ੍ਰਭਾਵਿਤ ਲੋਕਾਂ ਤੱਕ ਪੁੱਜਦੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਸਦਕਾ ਹਰ ਵਰਗ ਦਾ ਰੁਜ਼ਗਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ 72 ਲੱਖ ਪਰਿਵਾਰਾਂ ਨੂੰ ਆਰਥਿਕ ਮਦਦ ਦਾ ਐਲਾਨ ਕੀਤਾ ਹੈੇ।