ਵਿਧਾਇਕ ਬਣਾਂਵਾਲੀ ਨੇ ਕਿਸਾਨਾਂ ਨੂੰ ਮੁਆਵਜ਼ਾ ਪੱਤਰ ਵੰਡੇ
ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਅੱਜ ਇਥੇ ਬੱਚਤ ਭਵਨ ਵਿੱਚ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ 40 ਲੱਖ 34 ਹਜ਼ਾਰ 375 ਰੁਪਏ ਦੇ ਮੁਆਵਜ਼ਾ ਪੱਤਰ ਸੌਂਪੇ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਸ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ 5 ਪਿੰਡਾਂ ਫੱਤਾ ਮਾਲੋਕਾ, ਲੋਹਗੜ੍ਹ, ਆਲੀਕੇ, ਉਲਕ ਤੇ ਜਟਾਣਾ ਕਲਾਂ ਦੇ 120 ਕਿਸਾਨਾਂ ਨੂੰ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਪੱਤਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਹੜ੍ਹਾਂ ਜਾਂ ਭਾਰੀ ਬਰਸਾਤਾਂ ਕਾਰਨ ਜ਼ਿਲ੍ਹੇ ਅੰਦਰ ਫਸਲਾਂ ਦੇ ਖਰਾਬੇ ਸਬੰਧੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਸੀ ਕਿ ਉਹ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਜਲਦ ਭੇਜਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫਸਲਾਂ ਦੇ ਖਰਾਬੇ ਦਾ ਮੁਲਾਂਕਣ ਕਰਕੇ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ, ਜਿਸ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਅੱਜ ਕਿਸਾਨਾਂ ਨੂੰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਪਾਈ ਜਾਵੇਗੀ। ਇਸ ਮੌਕੇ ਐੱਸ ਡੀ ਐੱਮ. ਅਜੀਤ ਪਾਲ ਸਿੰਘ ਚਹਿਲ, ਨਾਇਬ ਤਹਿਸੀਲਦਾਰ ਜਗਪਾਲ ਸਿੰਘ ਅਤੇ ਗੁਰਸੇਵਕ ਸਿੰਘ ਝੁਨੀਰ ਤੇ ਹੋਰ ਮੌਜੂਦ ਸਨ।
