ਵਿਧਾਇਕ ਢਿੱਲੋਂ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ
ਸਿਹਤ ਵਿਭਾਗ ਗਿੱਦੜਬਾਹਾ ਦੀ ਟੀਮ ਵੱਲੋਂ ਅੱਜ ਪੋਲੀਓ ਦੇ ਖਾਤਮੇ ਸਬੰਧੀ ਪਲਸ ਪੋਲੀਓ ਮੁਹਿੰਮ ਚਲਾਈ ਗਈ। ਇਸ ਤਹਿਤ ਤਿੰਨ ਦਿਨ ਗਿੱਦੜਬਾਹਾ ਸ਼ਹਿਰ ਵਿੱਚ ਪਲਸ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਗਿੱਦੜਬਾਹਾ ਵਿੱਚ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਇਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਪਲਸ ਪੋਲੀਓ ਵਿਚ ਲੱਗੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਦੀਆਂ 2 ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ਐੱਸ.ਐੱਮ.ਓ. ਡਾ. ਰਸ਼ਮੀ ਚਾਵਲਾ ਨੇ ਦੱਸਿਆ ਕਿ ਅੱਜ ਕੁੱਲ 1912 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ।
ਸ਼ਹਿਣਾ (ਪੱਤਰ ਪ੍ਰੇਰਕ): ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਕਸਬਾ ਸ਼ਹਿਣਾ ’ਚ 6 ਬੂਥ ਬਣਾਏ ਗਏ। ਪਿੰਡ ਗਿੱਲ ਕੋਠੇ ਅਤੇ ਬੁਰਜ ਫਤਿਹਗੜ੍ਹ ਵਿੱਚ ਇੱਕ-ਇੱਕ ਬੂਥ ਬਣਾਇਆ ਗਿਆ। ਸਿਹਤ ਵਿਭਾਗ ਦੇ ਸੁਪਰਵਾਈਜ਼ਰ ਜਗਦੇਵ ਸਿੰਘ ਨੇ ਦੱਸਿਆ ਕਿ 12 ਅਕਤੂਬਰ ਨੂੰ ਬੂਥਾਂ ’ਤੇ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆ ਅਤੇ 13-14 ਅਕਤੂਬਰ ਨੂੰ ਭੱਠਿਆਂ, ਸੈਲਰਾਂ, ਬਸਤੀਆਂ ਅਤੇ ਝੁੱਗੀਆਂ ਆਦਿ ਵਿੱਚ ਰਹਿੰਦੇ ਬੱਚਿਆਂ ਨੂੰ ਜਾਕੇ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਨਗਰ ਪੰਚਾਇਤ ਦੇ ਸਹਿਯੋਗ ਨਾਲ ਲਗਾਏ ਬਲਾਕ ਪੱਧਰੀ ਬੂਥ
ਫਤਿਹਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅੱਜ ਇੱਥੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸੀਨੀਅਰ ਮੈਡੀਕਲ ਅਫਸਰ ਕੋਟ ਈਸੇ ਖਾਂ ਡਾਕਟਰ ਰਿਪੂਦਮਨ ਕੌਰ ਦੇ ਨਿਰਦੇਸ਼ ਅਨੁਸਾਰ ਅਤੇ ਡਾਕਟਰ ਸਮਰਪ੍ਰੀਤ ਕੌਰ ਸੋਢੀ ਦੀ ਯੋਗ ਅਗਵਾਈ ਹੇਠ ਟੀਮਾਂ ਬਣਾ ਕੇ ਅੱਜ ਬਲਾਕ ਦੇ ਸਾਰੇ ਪਿੰਡਾਂ ਵਿੱਚ ਬੂਥ ਲਗਾਏ ਗਏ ਜਿੱਥੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਲਸ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ। ਨਗਰ ਪੰਚਾਇਤ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ ਅਤੇ ਸਮੂਹ ਮੈਂਬਰਾਂ ਨੇ ਸਿਹਤ ਵਿਭਾਗ ਦੀ ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਆਪਣੀ ਹਾਜ਼ਰੀ ਲਗਵਾਈ। ਟੀਮ ਸੁਪਰਵਾਈਜ਼ਰ ਗੁਰਨਾਮ ਸਿੰਘ ਨੇ ਦੱਸਿਆ ਕਿ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਦੇ ਸਹਿਯੋਗ ਨਾਲ ਅੱਜ ਬੂਥ ਲਗਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਹਨ।