ਹਰ ਸੰਭਵ ਮਦਦ ਕਰੇਗੀ ਸਰਕਾਰ: ਵਿਧਾਇਕ
ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ; ਅਧਿਕਾਰੀਆਂ ਨੂੰ ਸਮੱਸਿਆਵਾਂ ਹੱਲ ਕਰਨ ਦੇ ਹੁਕਮ
Advertisement
ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਤਲੁਜ ਕੰਢੇ ਵਸੇ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਹਲਕੇ ਦੇ ਲਗਪਗ ਅੱਧੀ ਦਰਜਨ ਪਿੰਡਾਂ ਸੰਘੇੜਾ, ਮਰਦਾਰਪੁਰ, ਮੇਲਕ ਕੰਗਾਂ, ਭੈਣੀ, ਮੰਦਰ ਕਲਾਂ ਅਤੇ ਦੌਲੇਵਾਲਾ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪਿੰਡ ਮੰਦਰ ਕਲਾਂ ਵਿੱਚ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਪਹਾੜਾਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਦਰਿਆਵਾਂ ’ਚ ਪਾਣੀ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੜ੍ਹਾਂ ਦੇ ਟਾਕਰੇ ਲਈ ਪੂਰੀ ਤਿਆਰੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਤਲੁਜ ਵਿੱਚ ਅਜੇ ਪਾਣੀ ਦਾ ਪੱਧਰ ਪੂਰੀ ਤਰ੍ਹਾਂ ਸਥਿਰ ਹੈ ਪਰ ਫਿਰ ਵੀ ਪ੍ਰਸ਼ਾਸਨ ਵੱਲੋਂ ਸੰਭਾਵੀ ਖ਼ਤਰੇ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕਰ ਰੱਖੇ ਹਨ। ਉਨ੍ਹਾਂ ਪਿੰਡਾਂ ਦੇ ਲੋਕਾਂ ਦੀਆ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਤਰੁੰਤ ਹੱਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।
Advertisement
Advertisement