ਵਿਧਾਇਕ ਨੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ
ਜੋਗਿੰਦਰ ਸਿੰਘ ਮਾਨ
ਮਾਨਸਾ, 3 ਜੁਲਾਈ
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਤਹਿਤ ਸਰਕਾਰ ਵੱਲੋਂ ਪਿਛਲੇ ਦਿਨੀਂ ਇੱਕ ਇਤਿਹਾਸਿਕ ਫੈਸਲਾ ਲੈਂਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਪਿਛਲੇ ਲੰਬੇ ਸਮੇਂ ਤੋਂ ਕਰਜ਼ਦਾਰ ਚੱਲੇ ਆ ਰਹੇ 4727 ਲਾਭਪਾਤਰੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਉਹ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 66 ਲਾਭਪਾਤਰੀਆਂ ਨੂੰ 40 ਲੱਖ ਰੁਪਏ ਦੇ ਲਗਪਗ ਕਰਜ਼ਾ ਮੁਆਫ਼ੀ ਦੇ ਪ੍ਰਮਾਣ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 11ਵੀਂ ਕਲਾਸ ਤੋਂ ਪੀਐੱਚਡੀ ਤੱਕ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ’ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ, ਸਫ਼ਾਈ ਕਰਮਚਾਰੀਆਂ ਅਤੇ ਜਨਰਲ ਵਰਗ ਦੇ ਅੰਗਹੀਣ ਪੰਜਾਬ ਦੇ ਵਸਨੀਕ ਲਾਭਪਾਤਰੀਆਂ ਨੂੰ ਉਚੇਰੀ ਸਿੱਖਿਆ ਅਤੇ ਸਵੈ-ਰੁਜ਼ਗਾਰ ਦੇ ਕੰਮਾਂ ਲਈ 5 ਤੋਂ 8 ਫੀਸਦੀ ਵਿਆਜ ਦਰ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਵਰਿੰਦਰ ਸੋਨੀ ਮੌਜੂਦ ਸਨ।