ਵਿਧਾਇਕ ਨੇ 55.73 ਲੱਖ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ
ਜੋਗਿੰਦਰ ਸਿੰਘ ਮਾਨ
ਮਾਨਸਾ, 29 ਜੂਨ
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਇਥੇ ਮਾਨਸਾ ਦੇ ਰੈਸਟ ਹਾਊਸ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2023-24 ਦੌਰਾਨ 17122 ਕਿਸਾਨਾਂ ਨੂੰ 20.05 ਕਰੋੜ ਰੁਪਏ ਦੀ ਰਾਸ਼ੀ ਅਤੇ 2024-2025 ਦੌਰਾਨ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ, ਜਦੋਂ ਕਿ ਇਸ ਵਾਰ ਇਹ ਰਕਬਾ ਪਿਛਲੇ ਸਾਲ ਨਾਲੋਂ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਰਾਲੀ ਤੋਂ ਬਣਦੇ ਪ੍ਰਦੂਸ਼ਣ ਨੂੰ ਰੋਕਣ ਲਈ ਪਹਿਲੀ ਵਾਰ ਚਾਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਆਰੰਭ ਕਰਵਾਈ ਗਈ ਹੈ ਤਾਂ ਜੋ ਕਿਸਾਨ ਅਕਤੂਬਰ ਵਿੱਚ ਝੋਨੇ ਦੀ ਵਢਾਈ ਕਰ ਕੇ ਵਿਹਲੇ ਹੋ ਸਕਣ। ਉਹ ਸਰਦੂਲਗੜ੍ਹ ਦੇ 79 ਕਰਜ਼ਦਾਰ ਪਰਿਵਾਰਾਂ ਨੂੰ 55.73 ਲੱਖ ਰੁਪਏ ਮੁਆਫ਼ ਕਰਨ ਸਬੰਧੀ ਪ੍ਰਮਾਣ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ।
ਵਿਧਾਇਕ ਸ੍ਰੀ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਸਰਕਾਰ ਵੱਲੋਂ ਪਿਛਲੇ ਦਿਨੀਂ ਇਤਿਹਾਸਕ ਫੈਸਲਾ ਲੈਂਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਪਿਛਲੇ ਲੰਮੇ ਸਮੇਂ ਤੋਂ ਕਰਜ਼ਦਾਰ ਚੱਲੇ ਆ ਰਹੇ 4727 ਲਾਭਪਾਤਰੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।
ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਸਕੀਮ ਤਹਿਤ ਇਸ ਕਾਰਪੋਰੇਸ਼ਨ ਪਾਸੋਂ 31 ਮਾਰਚ 2020 ਤੱਕ ਕਰਜ਼ਾ ਲੈਣ ਵਾਲੇ ਸਾਰੇ ਕਰਜ਼ਦਾਰਾਂ ਦੇ ਬਕਾਏ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਖੇਤੀਬਾੜੀ ਹਾਦਸਿਆਂ ਦੇ ਸ਼ਿਕਾਰ ਹੋਏ ਵੱਖ-ਵੱਖ ਪੀੜਤ ਪਰਿਵਾਰਾਂ ਨੂੰ ਆਰਥਿਕ ਪੱਖੋ ਮੱਦਦ ਲਈ ਵਿੱਤੀ ਸਹਾਇਤਾ ਕਰਦੇ ਹੋਏ 14.84 ਲੱਖ ਰੁਪਏ ਦੇ ਚੈੱਕ ਸੌਂਪੇ ਗਏ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਰਾਏ ਸਿੰਘ ਕਾਹਨੇਵਾਲਾ ਤੇ ਬਲਜਿੰਦਰ ਸਿੰਘ ਵੀ ਮੌਜੂਦ ਸਨ।