ਵਿਧਾਇਕ ਨੇ ਸੜਕ ਦਾ ਨੀਂਹ ਪੱਥਰ ਰੱਖਿਆ
ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਸਵਾਮੀ ਕਮਲਪੁਰੀ ਨੇ ਅੱਜ ਇੱਥੇ ਜ਼ੀਰਾ-ਸਨ੍ਹੇਰ ਰੋਡ ਬਣਾਉਣ ਦਾ ਨੀਂਹ ਪੱਥਰ ਰੱਖਿਆ। ਲੰਮੇ ਸਮੇਂ ਤੋਂ ਸੜਕ ਖਸਤਾ ਹਾਲ ਹੋਣ ਕਾਰਨ ਸਮਾਧੀ ਮੁਹੱਲਾ ਵਾਸੀਆਂ ਤੇ ਆਉਂਦੇ ਜਾਂਦੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਸਮਾਧੀ ਮਹੱਲਾ ਜ਼ੀਰਾ ਵਿੱਚ ਸਮਾਗਮ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਇਸ ਪ੍ਰਾਜੈਕਟ ’ਤੇ ਇੱਕ ਕਰੋੜ 10 ਲੱਖ ਰੁਪਏ ਲਾਗਤ ਆਵੇਗੀ ਤੇ ਇਸ ਨੂੰ ਪੰਜਾਬ ਮੰਡੀ ਬੋਰਡ ਵੱਲੋਂ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਅੱਠ ਦੇ ਕਰੀਬ ਨੇੜਲੇ ਪਿੰਡਾਂ ਦੇ ਲੋਕਾਂ ਅਤੇ ਸਰਕਾਰੀ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਹਲਕੇ ਦੀ ਕੋਈ ਵੀ ਸੜਕ ਟੁੱਟੀ ਨਹੀਂ ਰਹਿਣ ਦਿੱਤੀ ਜਾਵੇਗੀ। ਸਮਾਗਮ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ ਇਕਬਾਲ ਸਿੰਘ ਢਿੱਲੋਂ,ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਸਰਬਜੀਤ ਕੌਰ, ਮਾਸਟਰ ਗੁਰਪ੍ਰੀਤ ਸਿੰਘ ਜੱਜ, ਨੰਬਰਦਾਰ ਬਲਜਿੰਦਰ ਸਿੰਘ, ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਧਰਮਪਾਲ ਚੁੱਘ, ਅਨਿਲ ਗੁਲਾਟੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜੇਸ਼ ਢੰਡ, ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਆਦਿ ਹਾਜ਼ਰ ਸਨ।
