ਵਿਧਾਇਕ ਨੇ ਪਾਈਪਲਾਈਨ ਦਾ ਜਾਇਜ਼ਾ ਲਿਆ
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਜਲਦ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ 43.90 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸਹਾਰਨਾ ਸਰਹੰਦ ਚੋਅ ਤੱਕ ਪਾਈਪਲਾਈਨ ਪਾਉਣ ਦਾ ਪ੍ਰਾਜੈਕਟ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਅੱਜ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੀ ਮੌਜੂਦ ਸਨ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਦੇ ਮਸਲੇ ਤੋਂ ਨਿਜਾਤ ਮਿਲਣ ਨਾਲ ਸ਼ਹਿਰ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਉਹ ਲਗਾਤਾਰ ਨਵੇਂ ਅਤੇ ਚੱਲ ਰਹੇ ਪ੍ਰਾਜੈਕਟਾਂ ਦਾ ਨਿਰੀਖਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਰਾਜਿੰਦਰ ਗਰਗ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕੰਮ ਮਾਰਚ ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ।
