ਵਿਧਾਇਕ ਉੱਗੋਕੇ ਤੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਦਰਾਜ ਦਾ ਦੌਰਾ
ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਡਿਪਟੀ ਕਮਿਸ਼ਨਰ ਟੀ ਬੈਨਿਥ ਵੱਲੋਂ ਅੱਜ ਵਰ੍ਹਦੇ ਮੀਂਹ ਦੌਰਾਨ ਪਿੰਡ ਦਰਾਜ ਦਾ ਦੌਰਾ ਕੀਤਾ ਗਿਆ ਅਤੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਜਿੱਥੇ ਜਿੱਥੇ ਛੱਤਾਂ ਡਿੱਗਣ ਕਾਰਨ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਉਥੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਪਿੰਡਾਂ ਵਿਚ ਅਧਿਕਾਰੀਆਂ ਵਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜਿੱਥੇ ਜਿੱਥੇ ਪਾਣੀ ਦੀ ਸਮੱਸਿਆ ਹੈ, ਓਥੇ ਨਿਕਾਸੀ ਕਾਰਵਾਈ ਜਾ ਰਹੀ ਹੈ। ਜਿਹੜੇ ਪਰਿਵਾਰ ਅਣਸੁਰੱਖਿਅਤ ਜਾਂ ਕੱਚੇ ਘਰਾਂ ਵਿੱਚ ਰਹਿ ਰਹੇ ਹਨ, ਉਹਨਾਂ ਲਈ ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਸਮੇਤ ਨੁਕਸਾਨੇ ਘਰਾਂ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਟੀ. ਬੈਨਿਥ ਵੱਲੋਂ ਘੁੰਨਸ ਡਰੇਨ ਵਿੱਚ ਵੀ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਸਮੇਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਣਸੁਰੱਖਿਅਤ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਵਿੱਚ ਬਸੇਰਾ ਕਰਨ ਜਿੱਥੇ ਉਨ੍ਹਾਂ ਲਈ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਹੈ।