ਖੇਤਰੀ ਪ੍ਰਤੀਨਿਧ
ਬਰਨਾਲਾ, 13 ਅਕਤੂਬਰ
ਪਿੰਡ ਮਾਂਗੇਵਾਲ ਦੇ ਮਨਰੇਗਾ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਇੱਕ ਵਫ਼ਦ ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ’ਚ ਬੀਡੀਪੀਓ ਬਰਨਾਲਾ ਪਰਵੇਸ਼ ਗੋਇਲ ਨੂੰ ਮਿਲਿਆ। ਵਫ਼ਦ ’ਚ ਸ਼ਾਮਲ ਇਨਕਲਾਬੀ ਕੇਂਦਰ ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰਪਾਲ, ਖੁਸ਼ਮਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ ਅਤੇ ਮਨਰੇਗਾ ਮਜ਼ਦੂਰਾਂ ਆਗੂਆਂ ਕਿਰਨਪਾਲ ਕੌਰ, ਸਿਮਰਾ ਸਿੰਘ ਅਤੇ ਗੁਰਮੀਤ ਕੌਰ ਆਦਿ ਨੇ ਦੱਸਿਆ ਕਿ ਹੱਡ ਭੰਨਵੀਂ ਮਿਹਨਤ ਕਰਨ ਤੋਂ ਬਾਅਦ ਵੀ ਮਜ਼ਦੂਰਾਂ ਨੂੰ ਉਨ੍ਹਾਂ ਦੀ ਬਣਦੀ ਪੂਰੀ ਉਜ਼ਰਤ ਨਹੀਂ ਦਿੱਤੀ ਜਾਂਦੀ। ਰੋਸ ’ਚ ਮਨਰੇਗਾ ਮਜ਼ਦੂਰਾਂ ਨੇ ਭਾਕਿਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ ਅਤੇ ਅਮਰਜੀਤ ਸਿੰਘ ਠੁੱਲੀਵਾਲ ਦੀ ਅਗਵਾਈ ਵਿੱਚ ਜਥੇਬੰਦਕ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ। ਬੀਡੀਪੀਓ ਬਰਨਾਲਾ ਨੇ ਆਗੂਆਂ ਨਾਲ ਗੱਲਬਾਤ ਕਰਦਿਆਂ ਕੁੱਝ ਸਮੱਸਿਆਵਾਂ ਤੁਰੰਤ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਸਮੇਂ ਮਨਰੇਗਾ ਮਜ਼ਦੂਰਾਂ ਨੇ ਬੀਡੀਪੀਓ ਦਫਤਰ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਨਰੇਗਾ ਮਜ਼ਦੂਰਾਂ ਨੂੰ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਵੀ ਦਿੱਤੀ।