ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 8 ਜੁਲਾਈ
ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ।
ਇਸ ਸਬੰਧੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਕਿੰਦਰ ਸਿੰਘ ਨੇ ਸਿਟੀ ਪੁਲੀਸ ਫ਼ਰੀਦਕੋਟ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਜਦੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ ਤਾਂ ਹਵਾਲਾਤੀ ਅਵਤਾਰ ਸਿੰਘ, ਲਵਪ੍ਰੀਤ ਸਿੰਘ, ਭੁਪਿੰਦਰ ਸਿੰਘ ਅਤੇ ਚਮਕੌਰ ਸਿੰਘ ਕੋਲੋਂ ਮੋਬਾਈਲ ਫੋਨ ਤੇ ਕੁਝ ਹੋਰ ਸਾਮਾਨ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਸੇਵਕ ਸਿੰਘ, ਹਰਜਿੰਦਰ ਸਿੰਘ, ਮਨੀ ਸਿੰਘ ਅਤੇ ਭੁਪਿੰਦਰ ਸਿੰਘ ਇਤਰਾਜ਼ਯੋਗ ਸਮੱਗਰੀ ਦੇ ਪੈਕੇਟ ਬਣਾ ਕੇ ਜੇਲ੍ਹ ਦੀ ਕੰਧ ਉੱਪਰੋਂ ਜੇਲ੍ਹ ਅੰਦਰ ਸੁੱਟ ਰਹੇ ਸਨ, ਜਿਨ੍ਹਾਂ ਨੂੰ ਜੇਲ੍ਹ ਅਧਿਕਾਰੀਆਂ ਨੇ ਰੰਗੇ ਹੱਥੀਂ ਫੜਨ ਦਾ ਦਾਅਵਾ ਕੀਤਾ ਹੈ। ਜੇਲ੍ਹ ਅਧਿਕਾਰੀ ਦਵਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਸਿਟੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਅਤੇ ਪੁਲੀਸ ਨੇ ਇਨ੍ਹਾਂ ਸਾਰੇ ਵਿਅਕਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਥਾਣਾ ਸਿਟੀ ਫ਼ਰੀਦਕੋਟ ਦੇ ਐੱਸਐੱਚਓ ਇੰਸਪੈਕਟਰ ਸੰਦੀਪ ਸਿੰਘ ਨੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਨ ਤੋਂ ਬਾਅਦ ਪੁਲੀਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੇ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਜੇਲ੍ਹ ਵਿੱਚੋਂ ਦਸ ਹਵਾਲਾਤੀਆਂ ਕੋਲੋਂ ਮੋਬਾਈਲ ਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਸੀ।