ਜੋਗਿੰਦਰ ਸਿੰਘ ਮਾਨ
ਮਾਨਸਾ, 18 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਿਛਲੇ ਸਾਲ ਮੋਦੀ ਸਰਕਾਰ ਵੱਲੋਂ ਕਿਸਾਨੀ ਨੂੰ ਉਜਾੜਨ ਲਈ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖਾਤਮੇ ਤੱਕ ਲਗਾਤਾਰ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ਦੌਰਾਨ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਜਥੇਬੰਦੀ ਵੱਲੋਂ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਉਹ ਪਿੰਡ ਕੋਟਲੱਲੂ ਵਿੱਚ ਜਥੇਬੰਦੀ ਦੀ ਖੁੱਲ੍ਹੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਭੈਣੀਬਾਘਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਬਰਨਾਲਾ ਸ਼ਹਿਰ ਵਿੱਚ ਸੂਬਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ, ਜਿਸ ਦੀਆਂ ਹੁਣੇ ਤੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਸ਼ਹਿਰ ਨਿਵਾਸੀ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਕਿਉਂਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਨੂੰਨਾਂ ਨਾਲ ਇੱਕਲੀ ਕਿਸਾਨੀ ਦਾ ਨਹੀਂ, ਸਗੋਂ ਹਰ ਵਰਗ ਦੇ ਲੋਕਾਂ ਨੂੰ ਵੱਡੀ ਆਰਥਿਕ ਸੱਟ ਲੱਗੇਗੀ।
ਧਨੌਲਾ (ਪੁਨੀਤ ਮੈਨਨ): ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਬਡਬਰ ਟੌਲ ਪਲਾਜ਼ਾ ’ਤੇ ਚੱਲ ਰਹੇ ਧਰਨੇ ਦੌਰਾਨ ਬਲੌਰ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਬਲੌਰ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ ਤੇ ਬਲਦੇਵ ਸਿੰਘ ਬਡਬਰ ਨੇ ਦੱਸਿਆ ਕਿ ‘ਭਾਰਤ ਬੰਦ’ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕਰ ਕੇ ਬੰਦ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਜਾਵੇਗੀ। ਇਸ ਮੌਕੇ ਆਗੂਆਂ ਨੇ ਬਿਜਲੀ ਵਿਭਾਗ ਨੂੰ ਝੋਨੇ ਦੀ ਫ਼ਸਲ ਪੱਕਣ ਤੱਕ ਬਿਜਲੀ ਦੇ ਕੱਟ ਨਾ ਲਾਉਣ ਬਾਰੇ ਚੇਤਾਵਨੀ ਦਿੰਦਿਆਂ ਕਿਹਾ ਕਿ ਬਿਜਲੀ ਪੂਰੀ ਨਾ ਮਿਲਣ ’ਤੇ ਕਿਸਾਨਾਂ ਨੂੰ ਮਜਬੂਰਨ ਬਿਜਲੀ ਗਰਿੱਡ ਦਾ ਘਿਰਾਓ ਕਰਨਾ ਪਵੇਗਾ।
ਗੋਨਿਆਣਾ ਮੰਡੀ (ਮਨੋਜ ਸ਼ਰਮਾ): ਪਿੰਡ ਦਾਨ ਸਿੰਘ ਵਾਲਾ ਵਿਖੇ ਅੱਜ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਜਿੱਥੇ ਭਾਜਪਾ ਸਰਕਾਰ ਖੇਤੀ ਕਾਨੂੰਨਾਂ ਸਮੇਤ ਬਹੁਤ ਸਾਰੇ ਕਾਨੂੰਨ ਲਿਆ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ, ਉੱਥੇ ਵਿਰੋਧੀ ਪਾਰਟੀਆਂ ਵੀ ਕੇਵਲ ਵਿਖਾਵੇ ਦਾ ਵਿਰੋਧ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿੱਚ ਕੀਤੀ ਗਈ ਰੈਲੀ ਨੂੰ ਡਰਾਮਾ ਕਰਾਰ ਦਿੰਦਿਆਂ ਸ਼੍ਰੀ ਬਰਾੜ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੀ ਸਿਆਸੀ ਜ਼ਮੀਨ ਬਚਾਉਣ ਲਈ ਹੱਥ ਪੈਰ ਮਾਰ ਰਿਹਾ ਹੈ ਜਿਸ ਵਿੱਚ ਉਹ ਹੁਣ ਸਫ਼ਲ ਨਹੀਂ ਹੋਵੇਗਾ।
ਨਥਾਣਾ (ਭਗਵਾਨ ਦਾਸ ਗਰਗ): ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਗੋਬਿੰਦਪੁਰਾ ਦੇ ਨਹਿਰ ਪਾਰਕ ਵਿੱਚ ਕੀਤੀ ਮੀਟਿੰਗ ਨੂੰ ਰਘਬੀਰ ਸਿੰਘ ਅਤੇ ਅਮਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਸੰਗਠਨਾਂ ਦੇ ਸੱਦੇ ’ਤੇ 27 ਸਤੰਬਰ ਨੂੰ ਭਾਰਤ ਬੰਦ ਨੂੰ ਸਫ਼ਲ ਬਣਾਇਆ ਜਾਵੇ। ਇਸ ਮੌਕੇ ਜੀਤ ਸਿੰਘ, ਬੰਤ ਸਿੰਘ, ਨਿੱਕਾ ਸਿੰਘ, ਸੁਰਿੰਦਰ ਸਿੰਘ, ਨਰ ਸਿੰਘ ਨੇ ਵੀ ਮੀਟਿੰਗ ’ਚ ਆਪਣੇ ਵਿਚਾਰ ਰੱਖੇ।