ਪੱਤਰ ਪ੍ਰੇਰਕ
ਟੱਲੇਵਾਲ, 21 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਭਲਕੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ। ਬਰਨਾਲਾ ਦੇ ਰੇਲਵੇ ਸਟੇਸ਼ਨ ’ਤੇ ਜ਼ਿਲ੍ਹਾ ਪੱਧਰ ’ਤੇ ਤਿੰਨ ਘੰਟੇ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਬਲਾਕ ਸ਼ਹਿਣਾ ਦੇ ਪਿੰਡ ਭੋਤਨਾ ਵਿੱਚ ਮੀਟਿੰਗ ਕਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਬੇਭਰੋਸਗੀ ਜ਼ਾਹਰ ਕਰਨ ਲਈ ਕੱਲ੍ਹ ਨੂੰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਜਾਮ ਕੀਤੀਆਂ ਜਾਣਗੀਆਂ। ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਤਬਾਹ ਹੋਏ ਨਰਮੇ ਲਈ ਮੁਆਵਜ਼ੇ ਦਾ ਐਲਾਨ ਤਾਂ ਕਰ ਦਿੱਤਾ, ਪਰ ਅਜੇ ਤੱਕ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਮਾਲਾ ਕਾਰਪੋਰੇਟ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਪੁਲੀਸ ਤਾਕਤ ਦੇ ਜ਼ੋਰ ਜ਼ਮੀਨਾਂ ਉੱਤੇ ਕਬਜ਼ੇ ਕਰਨ ਲਈ ਵਾਰ ਵਾਰ ਹੱਲੇ ਬੋਲੇ ਜਾ ਰਹੇ ਹਨ, ਜਿਸ ਦੇ ਵਿਰੋਧ ਵਿੱਚ ਭਲਕੇ ਪ੍ਰਦਰਸ਼ਨ ਕੀਤਾ ਜਾਵੇਗਾ।