ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ
ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਸਰਕਾਰ ਪਾਸੋਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਵਾਸਤੇ ਬਲਾਕ ਤੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਤਹਿਤ 10 ਅਗਸਤ ਤੱਕ ਬਲਾਕ ਕਮੇਟੀਆਂ ਅਤੇ 15 ਅਗਸਤ ਤੱਕ ਜ਼ਿਲ੍ਹਾ ਪੱਧਰੀ ਚੋਣ ਇਜਲਾਸ ਕਰਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਮਨਜੀਤ ਕੌਰ ਤੇ ਰਾਜਵਿੰਦਰ ਕੌਰ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਬਜਟ ਦੌਰਾਨ ਮਾਣ ਭੱਤੇ ਵਾਲੇ ਕਾਮਿਆਂ ਬਾਰੇ ਇੱਕ ਵੀ ਸ਼ਬਦ ਨਾ ਬੋਲਣ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਾਂ ’ਤੇ ਆਈ ਸਰਕਾਰ ਵੱਲੋਂ ਹਾਲੇ ਤੱਕ ਆਮ ਕਿਰਤੀ ਲੋਕਾਂ ਲਈ ਕੁਝ ਵੀ ਨਹੀਂ ਕੀਤਾ ਗਿਆ ਹੈ। ਉਨ੍ਹਾਂ 36 ਹਜ਼ਾਰ ਕੱਚੇ ਕਾਮਿਆਂ ਨੂੰ ਵਾਰ-ਵਾਰ ਪੱਕੇ ਕਰਨ ਦੀ ਬਿਆਨਬਾਜ਼ੀ ਨੂੰ ਸਿਰਫ ਸਿਆਸੀ ਸ਼ੋਸ਼ੇਬਾਜ਼ੀ ਕਰਾਰ ਦਿੱਤਾ। ਆਗੂਆਂ ਨੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 7 ਅਗਸਤ ਨੂੰ ਜਲੰਧਰ ਵਿੱਚ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮਨਦੀਪ ਕੌਰ, ਸਰੋਜ ਰਾਣੀ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ ਤੇ ਦਲਜੀਤ ਕੌਰ ਆਦਿ ਹਾਜ਼ਰ ਸਨ।