ਪੱਤਰ ਪ੍ਰੇਰਕ
ਮਾਨਸਾ, 7 ਸਤੰਬਰ
ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਰਾਜ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ 11 ਤੋਂ 13 ਸਤੰਬਰ ਤੱਕ ਸਾਰੇ ਸੂਬੇ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਧਰਨੇ ਦਿੱਤੇ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਲਈ ਲਾਮਬੰਦੀ ਹੋਣੀ ਆਰੰਭ ਹੋ ਗਈ ਹੈ। ਇਸ ਲਾਮਬੰਦੀ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਦੀ ਅਗਵਾਈ ਹੇਠ ਮਾਨਸਾ ਵਿੱਚ ਇੱਕ ਮੀਟਿੰਗ ਹੋਈ, ਜਿਸ ਵਿੱਚ ਆਗੂਆਂ ਦੀਆਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦੇ ਘਰ ਅੱਗੇ ਧਰਨਾ ਲਾਉਣ ਲਈ ਵਿਸ਼ੇਸ ਡਿਊਟੀਆਂ ਲਾਈਆਂ ਗਈਆਂ। ਕਿਸਾਨ ਆਗੂ ਨੇ ਕਿਹਾ ਕਿ ਹਾਲੇ ਤੱਕ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਮੋਰਚੇ ਨਾਲ ਸੰਬਧਤ ਜਥੇਬੰਦੀਆਂ ਵੱਲੋਂ ਇਹ ਧਰਨੇ ਲਾਏ ਜਾਣਗੇ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ 11 ਤੋਂ 13 ਸਤੰਬਰ ਤੱਕ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਇਲਾਕੇ ਵਿੱਚ ਲਾਮਬੰਦੀ ਤੇਜ਼ ਕੀਤੀ ਗਈ ਹੈ। ਜਥੇਬੰਦੀ ਵੱਲੋਂ ਇਸ ਲਾਮਬੰਦੀ ਤਹਿਤ 17 ਪਿੰਡਾਂ ਦੀਆਂ ਕਮੇਟੀਆਂ ਨੂੰ ਵਿਸ਼ੇਸ਼ ਤੌਰ ’ਤੇ ਵਿਧਾਇਕਾਂ ਦੇ ਘਰਾਂ ਮੂਹਰੇ ਧਰਨੇ ਦੇਣ ਲਈ ਪਿੰਡਾਂ ਵਿੱਚ ਝੰਡਾ ਮਾਰਚ ਕਰਨ ਲਈ ਤਾਇਨਾਤ ਕੀਤਾ ਗਿਆ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਅਤੇ ਕਾਸ਼ਤਕਾਰ ਕਿਸਾਨਾਂ ਦੇ ਮਾਲਕੀ ਹੱਕ ਬਹਾਲ ਕਰਾਉਣ ਲਈ ਚੱਲ ਰਹੇ ਪਿੰਡ ਕੁਲਰੀਆਂ ਦੇ ਘੋਲ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਕੁਲਰੀਆਂ ਦੇ ਜ਼ਮੀਨੀ ਵਿਵਾਦ ਵਿੱਚ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਉੱਤੇ ਗਲਤ ਧਾਰਾਵਾਂ ਲਾ ਕੇ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੇ ਮਾਲਕੀ ਹੱਕ ਬਹਾਲ ਕਰਾਉਣ ਲਈ 15 ਅਤੇ 16 ਸਤੰਬਰ ਨੂੰ ਜ਼ਿਲ੍ਹੇ ਭਰ ਵਿੱਚ ਝੰਡਾ ਮਾਰਚ ਕਰ ਕੇ ਲੋਕਾਂ ਨੂੰ ਇਸ ਲੋਕ ਵਿਰੋਧੀ ਫੈਸਲੇ ਵਿਰੁੱਧ ਲਾਮਬੰਦ ਕੀਤਾ ਜਾਵੇਗਾ ਅਤੇ 19 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਸਥਾਨਕ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।