ਖੇਤਰੀ ਪ੍ਰਤੀਨਿਧ
ਬਰਨਾਲਾ, 7 ਅਕਤੂਬਰ
ਪੈਨਸ਼ਨਰਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 30 ਅਕਤੂਬਰ ਨੂੰ ਸੰਗਰੂਰ ਵਿੱਚ ਕੀਤੀ ਜਾ ਵਿਸ਼ਾਲ ਰੈਲੀ ਦੀ ਤਿਆਰੀ ਲਈ ਬਰਨਾਲਾ ਵਿੱਚ ਲਾਮਬੰਦੀ ਕੀਤੀ ਗਈ। ਇਸ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਬਰਨਾਲਾ ਇਕਾਈ ਨੇ ਦੱਸਿਆ ਕਿ 11 ਤੋਂ 15 ਅਕਤੂਬਰ ਤੱਕ ਬਲਾਕ ਪੱਧਰੀ ਮੀਟਿੰਗਾਂ ਕਰ ਕੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੰਘਰਸ਼ਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਕਨਵੀਨਰ ਗੁਲਾਬ ਸਿੰਘ, ਕੋ-ਕਨਵੀਨਰ ਦਲਜੀਤ ਸਿੰਘ, ਨਿਰਮਲ ਸਿੰਘ ਪੱਖੋ, ਪ੍ਰਮਿੰਦਰ ਸਿੰਘ, ਮਲਕੀਤ ਸਿੰਘ ਪੱਤੀ, ਹੈੱਡਮਾਸਟਰ ਰਾਕੇਸ਼ ਕੁਮਾਰ, ਕੇਵਲ ਸਿੰਘ, ਮਨਦੀਪ ਸ਼ਰਮਾ, ਜਸਕਰਨ ਸਿੰਘ, ਚਮਕੌਰ ਸਿੰਘ ਅਤੇ ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਟਵੀਟ ਕਰਕੇ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮ ਵੋਟਰਾਂ ਨੂੰ ਭਰਮਾਉਣ ਦਾ ਪਾਖੰਡ ਕੀਤਾ ਹੈ, ਪਰ ਉਹ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨ ਦੇ ਮੁੱਦੇ ਉੱਪਰ ਗੰਭੀਰਤਾ ਨਾ ਦਿਖਾਈ ਤਾਂ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।