ਪੱਤਰ ਪ੍ਰੇਰਕ
ਝੁਨੀਰ, 29 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿੱਚ ਹੋਈ। ਇਸ ਦੌਰਾਨ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਸੰਬੋਧਨ ਕਰਦਿਆਂ ਕੇਂਦਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ ਤੇ ਕਿਸਾਨਾਂ ਨੂੰ 31 ਜੁਲਾਈ ਨੂੰ ਦੁਪਹਿਰ 11 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਰੂੜੇਕੇ ਕਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਮੀਟਿੰਗ ਗੁਰੂ ਘਰ ਬਾਬਾ ਸਿੱਧ ਪੋਹੀ ਰੂੜੇਕੇ ਕਲਾਂ ਵਿੱਚ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੇ ਰੋਸ ਵਜੋਂ 31 ਜੁਲਾਈ ਨੂੰ ਬਲਾਕ ਬਰਨਾਲਾ ਵੱਲੋਂ ਟੌਲ ਪਲਾਜ਼ਾ ਬਡਬਰ ਤੇ ਦੁੂਸਰੇ ਬਲਾਕਾਂ ਵੱਲੋਂ ਟੌਲ ਪਲਾਜ਼ਾ ਯੋਧਪੁਰ ਚੀਮਾ ’ਤੇ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ।
ਮਹਿਲ ਕਲਾਂ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 31 ਜੁਲਾਈ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦੀ ਤਿਆਰੀ ਸਬੰਧੀ ਲਾਮਬੰਦੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਬਲਾਕ ਮਹਿਲ ਕਲਾਂ ਦੀ ਇਕੱਤਰਤਾ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਿੱਚ ਕੀਤੀ ਗਈ।
ਨਥਾਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇੱਥੇ ਇੱਕ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਸਬੰਧੀ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ 31 ਜੁਲਾਈ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।