ਰਾਮਪੁਰਾ ਫੂਲ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮੰਗਾਂ ਸਬੰਧੀ 12 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਲਾਏ ਜਾ ਰਹੇ ਤਿੰਨ ਰੋਜ਼ਾ ਮੋਰਚੇ ਵਿੱਚ ਮਜ਼ਦੂਰਾਂ ਨੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅੱਜ ਪਿੰਡ ਧੂਰਕੋਟ ਲਹਿਰਾ ਵਿੱਚ ਹੋਈ ਮਜ਼ਦੂਰਾਂ ਦੀ ਮੀਟਿੰਗ ਵਿੱਚ ਕੀਤਾ ਗਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਕਰਕੇ ਮਜ਼ਦੂਰਾਂ ’ਚ ‘ਆਪ’ ਸਰਕਾਰ ਖ਼ਿਲਾਫ਼ ਸਖ਼ਤ ਰੋਸ ਪਾਇਆ ਜਾ ਰਿਹਾ ਹੈ। -ਨਿੱਜੀ ਪੱਤਰ ਪ੍ਰੇਰਕ