ਪੱਤਰ ਪ੍ਰੇਰਕ
ਮਾਨਸਾ, 4 ਦਸੰਬਰ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੱਦੇ ‘ਤੇ ਖੇਤੀ ਕਾਨੂੰਨਾਂ ਲਈ ਵਿੱਢੇ ਸੰਘਰਸ਼ ਦੌਰਾਨ ਪਿਛਲੇ ਸਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੀ ਯਾਦ ‘ਚ 11 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਰੋਹ ਵਿੱਚ ਮਾਲਵਾ ਖੇਤਰ ‘ਚੋਂ ਵੱਡੀ ਪੱਧਰ ‘ਤੇ ਕਿਸਾਨਾਂ ਨੂੰ ਲਿਜਾਣ ਲਈ ਲਾਮਬੰਦੀ ਸਾਰੇ ਜ਼ਿਲ੍ਹਿਆਂ ਵਿੱਚ ਆਰੰਭ ਹੋ ਗਈ ਹੈ। ਇਸ ਖੇਤਰ ‘ਚੋਂ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੂੰ ਰੇਲ ਗੱਡੀ, ਟਰੈਕਟਰ-ਟਰਾਲੀਆਂ ਅਤੇ ਬੱਸਾਂ ਰਾਹੀਂ ਲਿਜਾਣ ਦਾ ਬੰਦੋਬਸਤ ਕੀਤਾ ਜਾਣ ਲੱਗਾ ਹੈ। ਜਥੇਬੰਦੀ ਵੱਲੋਂ ਪਿੰਡਾਂ ਵਿੱਚ ਲਗਾਤਾਰ ਲਾਮਬੰਦੀ ਰੈਲੀਆਂ ਦਾ ਸਿਲਸਿਲਾ ਜਾਰੀ ਹੈ। ਪਿੰਡ ਖੜਕ ਸਿੰਘ ਵਾਲਾ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਸਿੰਘੂ ਬਾਰਡਰ ‘ਤੇ ਸ਼ਰਧਾਂਜਲੀ ਸਮਾਰੋਹ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ ਮੱਖਣ ਸਿੰਘ, ਜਗਦੇਵ ਸਿੰਘ ਭੈਣੀਬਾਘਾ, ਜਸਵਿੰਦਰ ਸਿੰਘ ਖੜਕ ਸਿੰਘ ਵਾਲਾ, ਬਲਜੀਤ ਸਿੰਘ ਭੈਣੀਬਾਘਾ ਤੇ ਕਰਮਜੀਤ ਕੌਰ ਨੇ ਵੀ ਸੰਬੋਧਨ ਕੀਤਾ।