ਪੱਤਰ ਪ੍ਰੇਰਕ
ਧਨੌਲਾ, 29 ਅਗਸਤ
ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਜ਼ਮੀਨ ਤਬਾਦਲੇ ਨੂੰ ਲੈ ਕੇ ਉਠਾਏ ਇਤਰਾਜ਼ ਮਗਰੋਂ ਹਾਈ ਕੋਰਟ ਵੱਲੋਂ ਰੋਕ ਲਗਾਏ ਜਾਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਰੋਸ ਹੈ ਤੇ ਮੈਡੀਕਲ ਕਾਲਜ ਬਣਾਓ ਸੰਘਰਸ਼ ਕਮੇਟੀ ਨੇ ਇਸ ਮੁੱਦੇ ’ਤੇ ਸੰਘਰਸ਼ ਵਿੱਢ ਦਿੱਤਾ ਹੈ। ਕਮੇਟੀ ਦੇ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ, ਮਨਦੀਪ ਸਿੰਘ ਲਿੱਦੜਾਂ, ਕਸ਼ਮੀਰ ਸਿੰਘ ਬਡਬਰ, ਸੁਖਦੇਵ ਸਿੰਘ ਕੁੰਨਰਾਂ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਵਿਖੇ ਸੂਬਾ ਸਰਕਾਰ ਵੱਲੋਂ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਪਰ ਸ਼੍ਰੋਮਣੀ ਅਕਾਲੀ ਦਲ ਦੁਆਰਾ ਇਸ ਤੇ ਰਾਜਨੀਤੀ ਕਰਦਿਆਂ ਸ਼੍ਰੋਮਣੀ ਕਮੇਟੀ ਰਾਹੀਂ ਪੁਰਾਣੇ ਕੇਸ ਦਾ ਹਵਾਲਾ ਦਿੰਦਿਆਂ ਹਾਈ ਕੋਰਟ ਰਾਹੀਂ ਕਾਲਜ ਦੀ ਸ਼ੁਰੂਆਤ ਤੇ ਰੋਕ ਲਵਾ ਦਿੱਤੀ। ਜਿਸ ਖ਼ਿਲਾਫ਼ 7 ਸਤੰਬਰ ਨੂੰ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਪਿੰਡ ਬਡਬਰ, ਭੈਣੀ ਅਤੇ ਹਰੀਗੜ੍ਹ ਵਿਖੇ ਜਾ ਕੇ ਘਿਰਾਓ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈੈ। ਕਮੇਟੀ ਆਗੂ ਲਖਵਿੰਦਰ ਸਿੰਘ ਨੇ ਕਿਹਾ ਮੈਡੀਕਲ ਕਾਲਜ ਤੇ ਲੱਗੀ ਰੋਕ ਨੂੰ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਸਣੇ ਹੋਰ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ।